CM ਭਗਵੰਤ ਮਾਨ ਖ਼ਿਲਾਫ਼ 'ਵਾਰਿਸ ਪੰਜਾਬ ਦੇ' ਦਾ ਹੱਲਾਬੋਲ: ਫੂਕਿਆ ਪੁਤਲਾ, ਅਸਤੀਫ਼ੇ ਤੇ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਦੀ ਅਗਵਾਈ ਹੇਠ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀਏਸੀ) ਹੁਸ਼ਿਆਰਪੁਰ ਦੇ ਸਾਹਮਣੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨਾਲ ਸੰਬੰਧਿਤ ਵਿਵਾਦਿਤ ਵੀਡੀਓ ਮਾਮਲੇ ਨੂੰ ਲੈ ਕੇ ਪੁਤਲਾ ਫੂਕ ਮੁਜਾਹਰਾ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ ਗਿਆ।
Publish Date: Wed, 17 Jun 2026 05:25 PM (IST)
Updated Date: Wed, 17 Jun 2026 05:26 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਦੀ ਅਗਵਾਈ ਹੇਠ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀਏਸੀ) ਹੁਸ਼ਿਆਰਪੁਰ ਦੇ ਸਾਹਮਣੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨਾਲ ਸੰਬੰਧਿਤ ਵਿਵਾਦਿਤ ਵੀਡੀਓ ਮਾਮਲੇ ਨੂੰ ਲੈ ਕੇ ਪੁਤਲਾ ਫੂਕ ਮੁਜਾਹਰਾ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਡਾ. ਲਖਬੀਰ ਸਿੰਘ ਹਲਕਾ ਇੰਚਾਰਜ ਸ਼ਾਮਚੁਰਾਸੀ, ਤਲਵਿੰਦਰ ਸਿੰਘ ਨਿੱਜਰ, ਕਰਨੈਲ ਸਿੰਘ ਲਵਲੀ ਸ਼ਹਿਰੀ ਪ੍ਰਧਾਨ ਹੁਸ਼ਿਆਰਪੁਰ ਸਮੇਤ ਹੋਰ ਆਗੂ ਮੌਜੂਦ ਸਨ। ਆਗੂਆਂ ਨੇ ਮੰਗ ਕੀਤੀ ਕਿ ਵਿਵਾਦਿਤ ਵੀਡੀਓ ਮਾਮਲੇ 'ਚ ਫੋਰੈਂਸਿਕ ਰਿਪੋਰਟਾਂ ਅਤੇ ਉਪਲਬਧ ਤੱਥਾਂ ਦੇ ਆਧਾਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਤੁਰੰਤ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈ ਜਾਵੇ।
ਪਾਰਟੀ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੇ ਰਾਜਨੀਤਿਕ, ਪ੍ਰਸ਼ਾਸਨਿਕ ਜਾਂ ਸਰਕਾਰੀ ਪ੍ਰਭਾਵ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਅਤੇ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਨੈਤਿਕ ਆਧਾਰ 'ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਇਤਰਾਜ਼ਯੋਗ ਵੀਡੀਓ ਸਬੰਧੀ ਮੁਆਫ਼ੀ ਮੰਗਣੀ ਚਾਹੀਦੀ ਹੈ। ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਿਛਲੀਆਂ ਸਰਕਾਰਾਂ ਦੇ ਸਮੇਂ ਹੋਈਆਂ ਬੇਅਦਬੀਆਂ ਅਤੇ ਹੋਰ ਪੰਥਕ ਮਾਮਲਿਆਂ 'ਚ ਵੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਇਸ ਉਪਰੰਤ ਮੰਗ ਪੱਤਰ ਸਹਾਇਕ ਕਮਿਸ਼ਨਰ ਹੁਸ਼ਿਆਰਪੁਰ ਨੂੰ ਸੌਂਪਿਆ ਗਿਆ। ਇਸ ਮੌਕੇ ਮਨਜਿੰਦਰ ਸਿੰਘ ਰੜਾ, ਲਾਡੀ ਨਿੱਜਰ, ਕੁਲਦੀਪ ਦਸੂਆ, ਕੁਲਵਿੰਦਰ ਦਸੂਆ, ਕੁਲਦੀਪ ਸਿੰਘ, ਮਲਕੀਤ ਸਲਾਮਾਬਾਦ, ਹਰਜੀਤ ਸੈਨਪੁਰੀ, ਅਮਰੀਕ ਸਿੰਘ ਜਲੋਟਾ, ਜਸਵਿੰਦਰ ਸਿੰਘ ਚੌਹਾਨ, ਮਨਿੰਦਰ ਰਾਮਦਾਸਪੁਰ, ਦਿਲਰਾਜ ਸਿੰਘ, ਡਾ. ਲਖਬੀਰ ਸਿੰਘ, ਹਰਬੰਸ ਸਿੰਘ, ਬਲਜਿੰਦਰ ਬੂਥਗੜ੍ਹ, ਜਸਵਿੰਦਰ ਪਿਆਲਾ, ਦਲਜੀਤ ਗੱਜਾ, ਕਰਮਜੀਤ ਪਿਆਲਾ, ਲਵਦੀਪ ਪਿਆਲਾ ਅਤੇ ਪਰਵਿੰਦਰ ਮਾਗਾ ਆਦਿ ਹਾਜ਼ਰ ਸਨ।