- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਜੀਲੈਂਸ ਬਿਊਰੋ ਵੱਲੋਂ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਅੱਗੇ ਆਉਣ ਦਾ ਸੱਦਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ‘ਇਮਾਨਦਾਰੀ ਨਾਲ ਖੁਸ਼ਹਾਲੀ’ ਦੇ ਨਾਅਰੇ ਹੇਠ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਨੂੰ ਭ੍ਰਿਸ਼ਟਾਚਾਰ ਵਿਰੁੱਧ ਸਹੁੰ ਵੀ ਚੁਕਾਈ ਗਈ। ਵਿਜੀਲੈਂਸ ਬਿਊਰੋ ਦੇ ਡੀ.ਐੱਸ.ਪੀ. ਮਨਦੀਪ ਸਿੰਘ ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਭ੍ਰਿਸ਼ਟਾਚਾਰ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦੀ ਅਪੀਲ ਕੀਤੀ। ਸੈਮੀਨਾਰ ਵਿੱਚ ਤਹਿਸੀਲਦਾਰ ਮਨਦੀਪ ਸਿੰਘ ਅਤੇ ਡਿਪਟੀ ਡੀ.ਏ. ਅਜੈਪਾਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸੰਸਥਾ ਦੇ ਪ੍ਰਿੰਸੀਪਲ ਸੁਖਜਿੰਦਰ ਸਿੰਘ ਦੀ ਹਾਜ਼ਰੀ ਵਿੱਚ 15 ਸਟਾਫ ਮੈਂਬਰਾਂ ਅਤੇ ਕਰੀਬ 300 ਵਿਦਿਆਰਥੀਆਂ ਨੇ ਭਾਗ ਲਿਆ। ਡੀ.ਐੱਸ.ਪੀ. ਸੇਖੋਂ ਨੇ ਦੱਸਿਆ ਕਿ ਰਿਸ਼ਵਤ ਮੰਗਣ, ਸਰਕਾਰੀ ਫੰਡਾਂ ਵਿੱਚ ਘਪਲੇ ਜਾਂ ਅਹੁਦੇ ਦੀ ਦੁਰਵਰਤੋਂ ਸਬੰਧੀ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।