ਖ਼ਾਲਸਾ ਕਾਲਜ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਲੈਕਚਰ
ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ
Publish Date: Mon, 06 Oct 2025 04:55 PM (IST)
Updated Date: Tue, 07 Oct 2025 04:04 AM (IST)

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਕੀਤਾ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗੁਰੂ ਸਾਹਿਬਾਨ ਦੇ ਜੀਵਨ ਦਰਸ਼ਨ, ਉਪਦੇਸ਼ਾਂ ਅਤੇ ਸੇਵਾ-ਸਿਮਰਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਵਿਸ਼ੇਸ਼ ਲੈਕਚਰ ਦੇ ਪ੍ਰਵਕਤਾ ਮੈਡਮ ਜਤਿੰਦਰ ਕੌਰ ਨੇ ਗੁਰੂ ਰਾਮਦਾਸ ਜੀ ਦੀ ਜੀਵਨ ਯਾਤਰਾ ਅਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਵਿਸਤਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸੇਵਾ ਅਤੇ ਨਿਮਰਤਾ ਨੂੰ ਮਨੁੱਖੀ ਜੀਵਨ ਦੀ ਸੱਚੀ ਸ਼ਕਤੀ ਵਜੋਂ ਪ੍ਰਗਟਾਇਆ। ਗੁਰੂ ਸਾਹਿਬ ਦੀ ਸਿੱਖਿਆ ਅੱਜ ਦੇ ਸਮਾਜ ਲਈ ਵੀ ਪ੍ਰਸੰਗਿਕ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਸਿੱਖ ਇਤਿਹਾਸ ਵਿੱਚ ਨਿਮਰਤਾ, ਸੇਵਾ ਅਤੇ ਭਗਤੀ ਦੇ ਪ੍ਰਤੀਕ ਹਨ। ਉਨ੍ਹਾਂ ਨੇ ਅੰਮ੍ਰਿਤਸਰ ਦੀ ਸਥਾਪਨਾ ਕਰਕੇ ਸਿੱਖ ਧਰਮ ਦੇ ਅਧਿਆਤਮਿਕ ਅਤੇ ਸਮਾਜਿਕ ਕੇਂਦਰ ਦੀ ਨੀਂਹ ਰੱਖੀ। ਗੁਰੂ ਜੀ ਦੀ ਬਾਣੀ ‘ਅਨੰਦ ਸਾਹਿਬ’ ਮਨੁੱਖੀ ਜੀਵਨ ਵਿੱਚ ਅਨੰਦ, ਸਹਿਜ ਅਤੇ ਸ਼ਾਂਤੀ ਪ੍ਰਾਪਤੀ ਦਾ ਸੰਦੇਸ਼ ਦਿੰਦੀ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।