- ‘ਚਾਰ ਸਾਲ ਭਗਵੰਤ

- ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਲੋਕਾਂ ਨਾਲ ਸਿੱਧਾ ਸੰਵਾਦ
- ਕੈਬਨਿਟ ਮੰਤਰੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਜਲੰਧਰ ਵਾਸੀਆਂ ਨਾਲ ਅੱਜ ਕੀਤੇ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਇਆ ਹੈ। ਇੱਥੇ ਵਾਰਡ ਨੰ. 42, 44 ਅਤੇ 58 ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸੇਵਾਵਾਂ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ, ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਕਾਇਆ ਕਲਪ, ਖੇਡ ਬੁਨਿਆਦੀ ਢਾਂਚੇ ਨੂੰ ਹੁਲਾਰਾ, ਸੂਬੇ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵਰਗੇ ਲੋਕ ਪੱਖੀ ਉਪਰਾਲੇ ਲਾਗੂ ਕੀਤੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ, ਜਿਸ ਤਹਿਤ ਇਸ ਬਜਟ ਵਿੱਚ ਐੱਸਸੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ। ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਗਿਣਤੀ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਤੋਂ ਇਲਾਵਾ ਨਸ਼ੇ ਦੇ ਜੰਜਾਲ ਵਿੱਚ ਫਸ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਭਗਤ ਨੇ ਕਿਹਾ ਕਿ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਵਿੱਢੀ ਸੂਬਾ ਪੱਧਰੀ ਇਸ ਜਨਤਕ ਮੁਹਿੰਮ ਤਹਿਤ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਮਨੀਸ਼ ਕਲਰੂਪੀਆ, ਰੋਮੀ ਵਧਵਾ ਅਤੇ ਰਾਜ ਕੁਮਾਰ ਰਾਜੂ ਤੋਂ ਇਲਾਵਾ ਕਮਲ ਲੋਚ, ਅਯੂਬ ਦੁੱਗਲ ਤੇ ਓਂਕਾਰ ਰਾਜੀਵ ਟਿੱਕਾ ਅਤੇ ਵੱਡੀ ਗਿਣਤੀ ਲੋਕ ਮੌਜੂਦ ਸਨ।