ਰਾਜਵਿੰਦਰ ਥਿਆੜਾ ਤੇ ਸੁਭਾਸ਼ ਭਗਤ ਨੇ ਜਲੰਧਰ ਕੈਂਟ ਮੰਡੀਆਂ ਦਾ ਕੀਤਾ ਦੌਰਾ
- ਕਿਸਾਨਾਂ ਦੀਆਂ ਮੁਸ਼ਕਿਲਾਂ
Publish Date: Sat, 18 Apr 2026 09:01 PM (IST)
Updated Date: Sat, 18 Apr 2026 09:03 PM (IST)

- ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਲਵਦੀਪ ਬੈਂਸ, ਪੰਜਾਬੀ ਜਾਗਰਣ ਪਤਾਰਾ/ਜਲੰਧਰ ਕੈਂਟ : ਆਮ ਆਦਮੀ ਪਾਰਟੀ ਤੋਂ ਹਲਕਾ ਜਲੰਧਰ ਕੈਂਟ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਅਤੇ ਚੇਅਰਮੈਨ ਸੁਭਾਸ਼ ਭਗਤ ਵੱਲੋਂ ਹਲਕਾ ਜਲੰਧਰ ਕੈਂਟ ਅਧੀਨ ਆਉਣ ਵਾਲੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਕਣਕ ਦੀ ਫਸਲ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਪੜਤਾਲ ਵੀ ਕੀਤੀ ਗਈ। ਰਾਜਵਿੰਦਰ ਕੌਰ ਥਿਆੜਾ ਅਤੇ ਸੁਭਾਸ਼ ਭਗਤ ਵੱਲੋਂ ਖ਼ਰੀਦ ਪ੍ਰਕਿਰਿਆ ਦੇ ਹਰ ਪੱਖ ਦੀ ਬਰੀਕੀ ਨਾਲ ਜਾਂਚ ਕੀਤੀ ਗਈ, ਜਿਸ ਵਿੱਚ ਤੋਲ ਪ੍ਰਣਾਲੀ, ਭੁਗਤਾਨ ਪ੍ਰਕਿਰਿਆ, ਸਫ਼ਾਈ ਪ੍ਰਬੰਧ ਅਤੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਸ਼ਾਮਲ ਸਨ। ਦੌਰੇ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਦੌਰਾਨ ਆਏ ਕਿਸਾਨਾਂ ਵੱਲੋਂ ਮੁੱਖ ਤੌਰ ’ਤੇ ਤੁਰੰਤ ਭੁਗਤਾਨ, ਢੁੱਕਵੇਂ ਪ੍ਰਬੰਧ ਅਤੇ ਸੁਚੱਜੀ ਖ਼ਰੀਦ ਪ੍ਰਕਿਰਿਆ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ, ਜਿਸ ’ਤੇ ਇੰਚਾਰਜ ਥਿਆੜਾ ਅਤੇ ਚੇਅਰਮੈਨ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਹਰ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਮੰਡੀਆਂ ਦੇ ਅਧਿਕਾਰੀਆਂ ਅਤੇ ਸਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਸੁਚਾਰੂ ਅਤੇ ਤੇਜ਼ ਬਣਾਇਆ ਜਾਵੇ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਪਾਣੀ, ਬੈਠਣ ਦੀ ਵਿਵਸਥਾ, ਸਫ਼ਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਸਬੰਧੀ ਮੈਡਮ ਥਿਆੜਾ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਵੱਡੀ ਗਿਣਤੀ ਮੌਜੂਦ ਰਹੀ, ਜਿਨ੍ਹਾਂ ਨੇ ਸਰਕਾਰੀ ਪ੍ਰਬੰਧਾਂ ਤੇ ਆਪਣੇ ਵਿਚਾਰ ਤੇ ਸੁਝਾਅ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮੰਡੀ ਪ੍ਰਬੰਧਨ ਸੰਤੋਸ਼ਜਨਕ ਰਿਹਾ ਅਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਸਹੀ ਢੰਗ ਨਾਲ ਚੱਲ ਰਹੀ ਪਾਈ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੰਡੀਆਂ ਦੇ ਦੌਰੇ ਜਾਰੀ ਰਹਿਣਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਚੱਲਦੀ ਰਹੇ।