89 ਲੱਖ ਨਾਲ ਬਣੇਗੀ ਬਸਤੀ ਦਾਨਿਸ਼ਮੰਦਾਂ ਦੀ ਮੁੱਖ ਸੜਕ
ਕੈਬਨਿਟ ਮੰਤਰੀ ਮਹਿੰਦਰ ਭਗਤ
Publish Date: Mon, 25 May 2026 07:59 PM (IST)
Updated Date: Tue, 26 May 2026 04:11 AM (IST)

ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਮੇਅਰ ਵਿਨੀਤ ਧੀਰ ਨੇ ਕੀਤਾ ਉਦਘਾਟਨ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੰਦਿਆਂ ਬਸਤੀ ਦਾਨਿਸ਼ਮੰਦਾਂ ਇਲਾਕੇ ਦੀ ਮੁੱਖ ਸੜਕ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਸੋਮਵਾਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਲੱਗਭਗ 89 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤ ਪ੍ਰਾਪਤ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਹਰ ਵਾਰਡ ਤੇ ਮੁਹੱਲੇ ’ਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਫ਼ੀ ਸਮੇਂ ਤੋਂ ਬਸਤੀ ਦਾਨਿਸ਼ਮੰਦਾਂ ਦੇ ਲੋਕ ਮੁੱਖ ਸੜਕ ਦੀ ਖਰਾਬ ਹਾਲਤ ਕਾਰਨ ਪਰੇਸ਼ਾਨ ਸਨ, ਜਿਸ ਨੂੰ ਧਿਆਨ ’ਚ ਰੱਖਦਿਆਂ ਇਸ ਸੜਕ ਦੇ ਨਿਰਮਾਣ ਕਾਰਜ ਨੂੰ ਤਰਜੀਹ ਦੇ ਆਧਾਰ ’ਤੇ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੜਕ ਦਾ ਨਿਰਮਾਣ ਕੰਮ ਗੁਣਵੱਤਾ ਨਾਲ ਤੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਮਾਰੋਹ ਦੌਰਾਨ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ’ਚ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ ਤੇ ਸਫਾਈ ਪ੍ਰਬੰਧ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਸਤੀ ਦਾਨਿਸ਼ਮੰਦਾਂ ਦੀ ਇਹ ਮੁੱਖ ਸੜਕ ਬਣਨ ਨਾਲ ਇਲਾਕੇ ਦੀ ਸੁੰਦਰਤਾ ’ਚ ਵਾਧਾ ਹੋਵੇਗਾ ਤੇ ਲੋਕਾਂ ਨੂੰ ਟ੍ਰੈਫਿਕ ਤੇ ਪਾਣੀ ਖੜ੍ਹਨ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ। ਇਸ ਦੌਰਾਨ ਸਥਾਨਕ ਨਿਵਾਸੀਆਂ ਨੇ ਪੰਜਾਬ ਸਰਕਾਰ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਨਗਰ ਨਿਗਮ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੀ ਸਾਲਾਂ ਪੁਰਾਣੀ ਮੰਗ ਪੂਰੀ ਹੋਣ ਜਾ ਰਹੀ ਹੈ। ਇਸ ਮੌਕੇ ਕੋਂਸਲਰ ਮਨੀਸ਼ ਕਾਰਲੂਪੀਆ, ਐਡਵੋਕੇਟ ਸੰਦੀਪ ਵਰਮਾ, ਕਮਲ ਲੋਚ, ਗੌਰਵ ਜੋਸ਼ੀ, ਕੌਂਸਲਰ ਪਤੀ ਸੌਰਭ ਸੇਠ, ਐੱਸਈ ਰਜਨੀਸ਼ ਡੋਗਰਾ, ਐੱਸਡੀਓ ਹਰਪ੍ਰੀਤ ਸਿੰਘ, ਜੇਈ ਦਵਿੰਦਰ ਕੁਮਾਰ, ਵਾਈਸ ਚੇਅਰਮੈਨ ਪਵਨ ਹੰਸ, ਬਲਵਿੰਦਰ ਸਿੰਘ ਆਦਿ ਵੀ ਮੌਜੂਦ ਸਨ।