ਕੈਬਨਿਟ ਮੰਤਰੀ ਵੱਲੋਂ 10 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਜਲੰਧਰ ਜ਼ਿਲ੍ਹੇ ’ਚ 10 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ
Publish Date: Sat, 25 Jul 2026 08:39 PM (IST)
Updated Date: Sat, 25 Jul 2026 08:40 PM (IST)
ਕਿਹਾ-ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਨੂੰ ਹਮੇਸ਼ਾ ਦਿੱਤੀ ਹੈ ਤਰਜੀਹ, ਸਿਹਤ ਪ੍ਰਤੀਨਿਧ ,ਪੰਜਾਬੀ ਜਾਗਰਣ ਜਲੰਧਰ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਤ ਕੀਤੇ ਜਾ ਰਹੇ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਸ਼ਨਿਚਰਵਾਰ ਜ਼ਿਲ੍ਹੇ ਵਿੱਚ 10 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ 10 ਨਵੇ ਕਲੀਨਿਕਾਂ ਦੇ ਨਾਲ ਹੁਣ ਗਿਣਤੀ 85 ਹੋ ਗਈ ਹੈ। ਇਸ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਸ਼ਹਿਰ ਦੇ ਸਿਧਾਰਥ ਨਗਰ, ਭਾਰਗੋ ਨਗਰ ਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ’ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਸਿਵਲ ਸਰਜਨ ਡਾ. ਰਾਜੇਸ਼ ਗਰਗ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਸੰਜੀਦਾ ਉਪਰਾਲੇ ਕਰ ਰਹੀ ਹੈ ਤੇ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਖ਼ਾਸ ਤੌਰ ’ਤੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 107 ਤਰ੍ਹਾਂ ਦੀਆਂ ਦਵਾਈਆਂ ਬਿਨ੍ਹਾਂ ਕਿਸੇ ਖਰਚ ਦੇ ਮਿਲ ਰਹੀਆਂ ਹਨ। ਇਸਦੇ ਨਾਲ ਹੀ 47 ਤਰ੍ਹਾਂ ਦੇ ਲੈਬ ਟੈਸਟ ਦੀ ਸੁਵਿਧਾ, ਗਰਭਵਤੀ ਔਰਤਾਂ ਲਈ ਸੂਚੀਬੱਧ ਸੈਂਟਰ ’ਤੇ ਮੁਫ਼ਤ ਸਕੈਨਿੰਗ ਅਤੇ ਓ.ਪੀ.ਡੀ. ਦੌਰਾਨ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਵੀ ਮੁਫ਼ਤ ਉਪਲੱਬਧ ਕਰਵਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਨੂੰ ਹਮੇਸ਼ਾ ਤੋਂ ਤਰਜੀਹ ਦਿੱਤੀ ਹੈ। ਇਸੇ ਤਹਿਤ ਲੋਕਾਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਹ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਦਾ ਸਹਾਰਾ ਬਣ ਰਹੀ ਹੈ। ਇਸੇ ਤਰ੍ਹਾਂ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਵੱਲੋਂ ਸਰਾਏ ਖਾਸ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਕ੍ਰਾਂਤੀ ਦਾ ਪ੍ਰਤੀਕ ਹਨ, ਜਿਥੇ ਆਮ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁਫ਼ਤ ਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਪਿੰਡ ਲਸਾੜਾ, ਨੰਗਲ, ਸਲੇਮਪੁਰ, ਗਦਈਪੁਰ, ਲੰਮਾ ਪਿੰਡ ਅਤੇ ਪੋਲੀਟੈਕਨਿਕ ਕਾਲਜ ਵਿਖੇ ਵੀ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਉਦਘਾਟਨ ਸਮਾਗਮਾਂ ਦੌਰਾਨ ਕੌਂਸਲਰ ਆਯੂਬ ਦੁੱਗਲ, ਰਾਜ ਕੁਮਾਰ ਰਾਜੂ, ਰੂਪਾ ਭਗਤ ਤੇ ਗੁਰਜੀਤ ਸਿੰਘ ਘੁੰਮਣ, ‘ਆਪ’ ਆਗੂ ਸਟੀਫਨ ਕਲੇਰ, ਸੁਦੇਸ਼ ਭਗਤ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।