ਐੱਸਆਈਆਰ ਲਈ ਜ਼ਿਲ੍ਹੇ ’ਚ 1926 ਬੀਐੱਲਓਜ਼ ਤਾਇਨਾਤ
ਐੱਸਆਈਆਰ ਜ਼ਿਲ੍ਹੇ ’ਚ 1926 ਬੀਐੱਲਓਜ ਤਾਇਨਾਤ
Publish Date: Mon, 18 May 2026 07:13 PM (IST)
Updated Date: Mon, 18 May 2026 07:15 PM (IST)

-ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ : ਜ਼ਿਲ੍ਹਾ ਚੋਣ ਅਫ਼ਸਰ ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਲਈ 1926 ਬੀਐੱਲਓਜ਼ ਤਾਇਨਾਤ ਕੀਤੇ ਗਏ ਹਨ ਤੇ ਇਹ ਅਹਿਮ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ ਕਰਵਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਵਿਚ ਬੀਐੱਲਓਜ਼ ਵੱਲੋਂ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਵਿਚ 1926 ਬੀਐੱਲਓਜ਼ 189 ਸੁਪਰਵਾਈਜ਼ਰ, 9 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਸਮੇਤ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐੱਸਆਈਆਰ ਸਬੰਧੀ ਬੀਐੱਲਓਜ਼ ਨੂੰ ਟਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕਾਰਜ 15 ਜੂਨ ਤੋਂ 24 ਜੂਨ ਤੱਕ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐੱਸ.ਆਈ.ਆਰ. ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿਚੋਂ ਹਟਾਉਣਾ ਹੈ। ਐੱਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰੇਕ ਵੋਟਰ ਨੂੰ ਬੀ.ਐਲ.ਓ. ਵੱਲੋਂ ਦਿੱਤਾ ਜਾਣ ਵਾਲਾ ਫਾਰਮ ਭਰਨਾ ਜ਼ਰੂਰੀ ਹੋਵੇਗਾ।ਸ਼੍ਰੀ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ 16,53,835 ਵੋਟਰ ਹਨ ਅਤੇ ਐੱਸ.ਆਈ.ਆਰ ਮੈਪਿੰਗ ਤਹਿਤ ਇਸ ਵਿਚੋਂ 13,25,463 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕੀਤੇ ਜਾ ਚੁੱਕੇ ਹਨ, ਜੋ ਕਿ ਕਰੀਬ 80.14 ਫ਼ੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾਂ 31 ਜੁਲਾਈ ਨੂੰ ਕੀਤੀ ਜਾਵੇਗੀ ਅਤੇ ਦਾਅਵੇ ਅਤੇ ਇਤਰਾਜ਼ 30 ਅਗਸਤ ਤੱਕ ਲਏ ਜਾਣਗੇ। ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 1 ਅਕਤੂਬਰ ਨੂੰ ਕੀਤੀ ਜਾਵੇਗੀ। ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਐੱਸ.ਆਈ.ਆਰ. ਦੌਰਾਨ ਬੀ.ਐਲ.ਓਜ. ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।