ਸ਼ਹਿਰ ਦੇ 21 ਵਾਰਡ ਬੇਸਹਾਰਾ ਪਸ਼ੂਆਂ ਤੋਂ ਮੁਕਤ : ਡੀਸੀ
ਸ਼ਹਿਰ ਦੇ 21 ਵਾਰਡ ਬੇਸਹਾਰਾ ਪਸ਼ੂਆਂ ਤੋਂ ਹੋਏ ਮੁਕਤ
Publish Date: Wed, 01 Apr 2026 09:58 PM (IST)
Updated Date: Wed, 01 Apr 2026 10:01 PM (IST)

-ਏਬੀਸੀ ਪ੍ਰੋਗਰਾਮ ਤਹਿਤ ਵਾਰਡ ਨੰ. 8,9,10 ਤੇ 11 ’ਚ ਆਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਮੁਕੰਮਲ -ਲੋਕ ਬੇਸਹਾਰਾ ਪਸ਼ੂਆਂ ਸਬੰਧੀ ਵ੍ਹਟਸਐਪ ਐਕਸ਼ਨ ਹੈਲਪਲਾਈਨ 9646-222-555 ’ਤੇ ਭੇਜ ਸਕਦੇ ਨੇ ਮੈਸੇਜ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਜਲੰਧਰ ਵੱਲੋਂ ਲਗਾਤਾਰ ਕੀਤੇ ਯਤਨਾਂ ਸਦਕਾ ਸ਼ਹਿਰ ਦੇ 21 ਵਾਰਡਾਂ ਨੂੰ ਪੂਰੀ ਤਰ੍ਹਾਂ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੁੱਧਵਾਰ ਇਥੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼, ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਅਤੇ ਐਨੀਮਲ ਬਰਥ ਕੰਟਰੋਲ ਰੂਲਜ਼ 2023 ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬੇਸਹਾਰਾ ਪਸ਼ੂਆਂ ਤੇ ਨਾਗਰਿਕਾਂ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਦੱਸਿਆ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਵੱਖ-ਵੱਖ ਵਾਰਡਾਂ ਦੀ ਚੈਕਿੰਗ ਕਰਕੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ’ਚ ਪਹੁੰਚਾਇਆ ਗਿਆ, ਜਿਸ ਸਦਕਾ ਸ਼ਹਿਰ ਦੇ ਅੰਦਰੂਨੀ ਹਿੱਸੇ ’ਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਸਫ਼ਲਤਾ ਨਾਲ ਨਜਿੱਠਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਗਰ ਨਿਗਮ ਨੂੰ ਸਬੰਧਤਾਂ ਵੱਲੋਂ ਵਾਰਡ ਬੇਸਹਾਰਾ ਪਸ਼ੂ ਮੁਕਤ ਹੋਣ ਸਬੰਧੀ ਸਰਟੀਫਿਕੇਟ ਵੀ ਸੌਂਪੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਮੌਜੂਦ ਸਨ। ਡਾ. ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਹੋਰਨਾਂ ਵਾਰਡਾਂ ਨੂੰ ਵੀ ਇਸੇ ਤਰਜ਼ ’ਤੇ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਖਾਸ ਕਰ ਸ਼ਹਿਰ ਦੇ ਬਾਹਰੀ ਇਲਾਕਿਆਂ ’ਚ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਬੇਸਹਾਰਾ ਪਸ਼ੂਆਂ ਨੂੰ ਸ਼ਹਿਰ ’ਚ ਪ੍ਰਵੇਸ਼ ਕਰਨ ਤੋਂ ਰੋਕਿਆ ਜਾ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐਨੀਮਲ ਬਰਥ ਕੰਟਰੋਲ (ਏਬੀਸੀ) ਪ੍ਰੋਗਰਾਮ ਤਹਿਤ ਅਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਦਾ ਵੀ ਜਾਇਜ਼ਾ ਲਿਆ। ਇਸ ਪ੍ਰੋਗਰਾਮ ਤਹਿਤ ਵਾਰਡ ਨੰ. 8,9,10 ਤੇ 11 ਵਿੱਚ ਆਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਸਫ਼ਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ ਅਤੇ ਹੁਣ ਵਾਰਡ ਨੰ. 5,6 ਤੇ 12 ਵਿੱਚ ਸਟਰਲਾਈਜ਼ੇਸ਼ਨ ਦਾ ਕੰਮ ਜਾਰੀ ਹੈ। ਮਾਰਚ ਮਹੀਨੇ ਦੌਰਾਨ ਕਰੀਬ 400 ਕੁੱਤਿਆਂ ਦੀ ਸਟਰਲਾਈਜ਼ੇਸ਼ਨ ਕੀਤੀ ਗਈ ਹੈ। ਡਾ. ਅਗਰਵਾਲ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਸ਼ੂ ਪਾਲਕਾਂ ਤੇ ਡੇਅਰੀ ਮਾਲਕਾਂ ਨੂੰ ਦੁੱਧ ਛੱਡ ਚੁੱਕੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਬਜਾਏ ਕੰਨੀਆਂ ਕਲਾਂ ਅਤੇ ਕਰਤਾਰਪੁਰ ਸਥਿਤ ਸਰਕਾਰੀ ਗਊਸ਼ਲਾਵਾਂ ਵਿੱਚ ਭੇਜਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਬੇਜ਼ੁਬਾਨ ਪਸ਼ੂਧਨ ਦੀ ਢੁੱਕਵੀਂ ਸੰਭਾਲ ਯਕੀਨੀ ਬਣਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਸਹਾਰਾ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਪੁਲਿਸ ਵਿਭਾਗ ਨੂੰ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਉਲੰਘਣਾ ਕਰਨ ਵਾਲਿਆਂ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਢੁੱਕਵੀਂ ਸਾਂਭ-ਸੰਭਾਲ ਲਈ ਪ੍ਰਸ਼ਾਸਨ ਵੱਲੋਂ ਇੱਕ ਹੈਲਪਲਾਈਨ ਨੰਬਰ 9646-222-555 ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਨਾਗਰਿਕ ਜ਼ਖਮੀ, ਬਿਮਾਰ ਜਾਂ ਬੇਸਹਾਰਾ ਪਸ਼ੂਆਂ ਬਾਰੇ ਸੂਚਨਾ ਦੇ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਬੇਸਹਾਰਾ ਪਸ਼ੂਆਂ ਸਬੰਧੀ ਸੂਚਨਾ ਦੇਣ ਅਤੇ ਇਸ ਸਬੰਧੀ ਸਹਾਇਤਾ ਲਈ ਹੈਲਪਲਾਈਨ ਨੰਬਰ ’ਤੇ ਵ੍ਹਟਸਐਪ ਮੈਸੇਜ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਨੂੰ ਸੜਕਾਂ ’ਤੇ ਛੱਡਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਗਊਸ਼ਲਾਵਾਂ ’ਚ ਭੇਜਿਆ ਜਾਵੇ। ਮੀਟਿੰਗ ਦੌਰਾਨ ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।