ਜ਼ਿਲ੍ਹੇ ’ਚ ਹੁਣ ਤੱਕ 4,05,049 ਮੀਟ੍ਰਿਕ ਟਨ ਕਣਕ ਦੀ ਖ਼ਰੀਦ
ਜ਼ਿਲ੍ਹੇ ’ਚ ਹੁਣ ਤੱਕ 405049 ਮੀਟ੍ਰਿਕ ਟਨ ਕਣਕ ਦੀ ਖ਼ਰੀਦ
Publish Date: Mon, 27 Apr 2026 11:03 PM (IST)
Updated Date: Mon, 27 Apr 2026 11:04 PM (IST)

- ਕਿਸਾਨਾਂ ਨੂੰ 1,002 ਕਰੋੜ ਰੁਪਏ ਦੀ ਅਦਾਇਗੀ, ਡੀਸੀ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਬਜਾਏ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੋਮਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਪਹੁੰਚੀ 406346 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 405049 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕੀਤਾ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 1002 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਗਈ ਹੈ। ਵਾਲੀਆ ਨੇ ਏਜੰਸੀ ਵਾਰ ਖ਼ਰੀਦ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 117473 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 109217 ਮੀਟ੍ਰਿਕ ਟਨ, ਪਨਸਪ ਵੱਲੋਂ 95815 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 50559 ਮੀਟ੍ਰਿਕ ਟਨ, ਐੱਫਸੀਆਈ ਵੱਲੋਂ 31606 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 379 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖ਼ਰੀਦ ਪ੍ਰਕਿਰਿਆ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਵਾਤਾਵਰਣ ਦੀ ਸੰਭਾਲ ਲਈ ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਫ਼ਸਲ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।