ਸ਼ਾਹਕੋਟ ’ਚ 50 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ
ਸ਼ਾਹਕੋਟ ਵਿਖੇ 50 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ
Publish Date: Tue, 14 Apr 2026 07:16 PM (IST)
Updated Date: Tue, 14 Apr 2026 07:18 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ’ਚ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਸਵੇਰੇ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਹੈੱਡ ਗ੍ਰੰਥੀ ਭਾਈ ਸੁਖਨਾਮ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਦੌਰਾਨ 50 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ ਅਤੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਪੰਜ ਪਿਆਰਿਆਂ ਵੱਲੋਂ ਰਹਿਤ ਮਰਿਆਦਾ ਵਿੱਚ ਪਰਪੱਕ ਰਹਿਣ, ਬਾਣੀ ਅਤੇ ਬਾਣੇ ਨਾਲ ਜੁੜਨ ਅਤੇ ਦਸਮ ਪਿਤਾ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਇੱਕ ਨਿਆਰੀ ਅਤੇ ਸੂਰਬੀਰ ਕੌਮ ਦੀ ਸਿਰਜਣਾ ਕੀਤੀ ਸੀ। ਉਨ੍ਹਾਂ ਅੰਮ੍ਰਿਤ ਛਕ ਕੇ ਗੁਰੂ ਦੀ ਬਖ਼ਸ਼ਿਸ਼ ਪ੍ਰਾਪਤ ਕਰਨ ਵਾਲੇ 50 ਪ੍ਰਾਣੀਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰਾ ਜੀਵਨ ਸਿੱਖੀ ਅਸੂਲਾਂ ‘ਤੇ ਪਹਿਰਾ ਦੇਣ ਦੀ ਤਾਕੀਦ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ, ਮੀਤ ਪ੍ਰਧਾਨ ਕਮਲਜੀਤ ਸਿੰਘ, ਲਖਵਿੰਦਰ ਸਿੰਘ ਸੋਖੀ ਤੇ ਹੋਰ ਮੈਂਬਰਾਂ ਵੱਲੋਂ ਪੰਜ ਪਿਆਰਿਆਂ, ਜਥੇ. ਬਲਦੇਵ ਸਿੰਘ ਕਲਿਆਣ ਤੇ ਹੋਰਨਾਂ ਪਤਵੰਤਿਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।