2 ਨੌਜਵਾਨਾਂ ਕੋਲੋਂ 56 ਗ੍ਰਾਮ ਹੈਰੋਇਨ ਬਰਾਮਦ
ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੋ ਨੌਜਵਾਨਾਂ ਕੋਲੋਂ 56 ਗ੍ਰਾਮ ਹੈਰੋਇਨ ਬਰਾਮਦ
Publish Date: Fri, 08 May 2026 08:41 PM (IST)
Updated Date: Sat, 09 May 2026 04:15 AM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜੰਡਿਆਲਾ ਮੰਜਕੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 2 ਨੌਜਵਾਨਾਂ ਨੂੰ 56 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜੰਡਿਆਲਾ ਏਐੱਸਆਈ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਕਮਿਸ਼ਨਰ ਧਰਮਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਐੱਚਓ ਜਲੰਧਰ ਸਦਰ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜੰਡਿਆਲਾ ਤੋਂ ਸਰਹਾਲੀ ਵੱਲ ਜਾ ਰਹੀ ਸੀ, ਜਦੋਂ ਪੁਲਿਸ ਟੀਮ ਕੈਲੇ ਜਠੇਰੇ ਨੇੜੇ ਪਹੁੰਚੀ ਤਾਂ ਇਕ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ (ਨੰਬਰ ਪੀਬੀ-67-ਵੀ-1201) ’ਤੇ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਹਰਦੀਪ ਸਿੰਘ ਤੇ ਮਨਿੰਦਰ ਸਿੰਘ ਵਾਸੀ ਧਨੀ ਪਿੰਡ ਕੋਲੋਂ 56 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਨਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 22, 61 ਤੇ 85 ਤਹਿਤ ਮੁਕੱਦਮਾ ਨੰਬਰ 177 ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਏਐੱਸਆਈ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਅਗਲੀ ਪੁੱਛਗਿੱਛ ਜਾਰੀ ਹੈ।