- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ :
ਕਲਗੀਧਰ ਟਰੱਸਟ ਦੀ ਰਹਿਨੁਮਾਈ ਹੇਠ ਚੱਲ ਰਹੀ ਅਕਾਲ ਅਕੈਡਮੀ ਬਿਲਗਾ ਵਿਖੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਅਤੇ ਸ੍ਰੀ ਸਹਿਜ ਪਾਠ ਸੇਵਾ ਲਹਿਰ ਦੇ ਆਗੂ ਦਿਲਬਾਗ ਸਿੰਘ ਅਤੇ ਪੂਨਮ ਕੌਰ ਦੇ ਸਹਿਯੋਗ ਸਦਕਾ ਸੰਪੰਨ ਹੋਇਆ। ਇਸ ਪਵਿੱਤਰ ਸਮਾਗਮ ’ਚ ਅਕਾਲ ਅਕੈਡਮੀ ਬਿਲਗਾ, ਅਕਾਲ ਅਕੈਡਮੀ ਸਵੱਦੀ ਕਲਾਂ, ਅਕਾਲ ਅਕੈਡਮੀ ਝਾਂਡੇ, ਅਕਾਲ ਅਕੈਡਮੀ ਚਾਹਲ ਕਲਾਂ ਤੇ ਅਕਾਲ ਅਕੈਡਮੀ ਚੱਕ ਦੇਸ ਰਾਜ ਦੇ ਵਿਦਿਆਰਥੀਆਂ ਅਤੇ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ । ਇਸ ਮੌਕੇ ਕੁੱਲ 59 ਵਿਦਿਆਰਥੀਆਂ ਅਤੇ ਸੰਗਤਾਂ ਨੇ ਅੰਮ੍ਰਿਤ ਪਾਨ ਕਰਕੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਅਕਾਲ ਅਕੈਡਮੀ ਬਿਲਗਾ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਨੇ ਅੰਮ੍ਰਿਤ ਪਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਮਤਿ ਦੀ ਰਹਿਤ-ਮਰਿਆਦਾ ’ਤੇ ਦ੍ਰਿੜ੍ਹਤਾ ਨਾਲ ਚੱਲਣ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਮੂਹ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।