- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫਾਰ ਇਕੁਐਲਿਟੀ’ ਮੈਰਾਥਨ ’ਚ 650 ਐਥਲੀਟਾਂ ਨੇ ਲਿਆ ਹਿੱਸਾ

-ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 5 ਕਿੱਲੋਮੀਟਰ ਦੌੜ ਨੂੰ ਦਿਖਾਈ ਝੰਡੀ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿੱਲੋਮੀਟਰ ‘ਰਨ ਫਾਰ ਇਕੁਐਲਿਟੀ’ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਤੋਂ ਸ਼ੁਰੂ ਹੋਈ ਇਸ ਮੈਰਾਥਨ ’ਚ 650 ਐਥਲੀਟਾਂ ਨੇ ਹਿੱਸਾ ਲਿਆ। ਇਹ ਮੈਰਾਥਨ ਕਪੂਰਥਲਾ ਚੌਕ, ਵਰਕਸ਼ਾਪ ਚੌਕ ਤੇ ਡੀਏਵੀ ਕਾਲਜ ਤੋਂ ਹੁੰਦੀ ਹੋਈ ਇਸੇ ਰੂਟ ਤੋਂ ਮੁੜ ਕਾਲਜ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸੂਬੇ ਭਰ ’ਚ ਪ੍ਰੋਗਰਾਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸੂਬੇ ’ਚ ਵੱਖ-ਵੱਖ ਥਾਈਂ ਮਹਾਨ ਕੀਰਤਨ ਦਰਬਾਰ ਕਰਵਾਏ ਗਏ ਹਨ, ਜਦਕਿ ਮੁੱਖ ਮੰਤਰੀ ਵੱਲੋਂ ਰਵਾਨਾ ਕੀਤੀਆਂ ਗਈਆਂ ਵਿਸ਼ੇਸ਼ ਵੈਨਾਂ ਰਾਹੀਂ 12000 ਤੋਂ ਵੱਧ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਫਲਸਫ਼ੇ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਚੁੱਕੀ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ 6.50 ਲੱਖ ਬੂਟੇ ਲਗਾਉਣ ਦੀ ਵਿਲੱਖਣ ਮੁਹਿੰਮ ਵੀ ਸ਼ੁਰੂ ਕੀਤੀ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਦੇ ਰਕਬੇ ’ਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਭਗਤ ਨੇ ਅੱਗੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੇ ਅਗਲੇ ਪੜਾਅ ’ਚ ਸੂਬੇ ਭਰ ’ਚ ਡਰੋਨ ਸ਼ੋਅ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸਬੰਧੀ ਵੀ ਵਿਸਥਾਰਪੂਰਵਕ ਚਾਨਣਾ ਪਾਇਆ। ਮੈਰਾਥਨ ਦੌਰਾਨ ਲੜਕਿਆਂ ਦੀ ਸ਼੍ਰੇਣੀ ’ਚ ਜਸ਼ਨ, ਦੀਪਕ ਸਿੰਘ, ਰਣਜੋਤ ਸਿੰਘ, ਲਵਪ੍ਰੀਤ ਤੇ ਭਾਵਿਤ ਨੇ ਪਹਿਲੀਆਂ ਪੰਜ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਦਕਿ ਲੜਕੀਆਂ ’ਚੋਂ ਹਰਮਿੰਦਰ ਕੌਰ, ਜਸਲੀਨ, ਹਰਨੂਰ, ਸੁੱਖਪ੍ਰੀਤ ਤੇ ਖਵਾਇਸ਼ ਪਹਿਲੇ ਪੰਜ ਸਥਾਨਾਂ ’ਤੇ ਰਹੀਆਂ। ਕੈਬਨਿਟ ਮੰਤਰੀ ਵੱਲੋਂ ਐਥਲੀਟਾਂ ਦਾ ਮੈਡਲਾਂ ਨਾਲ ਸਨਮਾਨ ਕੀਤਾ ਗਿਆ। ਮੈਰਾਥਨ ’ਚ ਸ਼ਿਰਕਤ ਕਰਨ ਵਾਲੇ ਐੱਨਜੀਓਜ਼ ਤੇ ਖੇਡ ਕਲੱਬਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਿਵਿਆ ਪੀ, ਐੱਸਡੀਐੱਮ ਲਾਲ ਵਿਸ਼ਵਾਸ ਬੈਂਸ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੇ ਤੈਰਾਕੀ ਕੋਚ ਉਮੇਸ਼ ਸ਼ਰਮਾ ਵੀ ਮੌਜੂਦ ਸਨ।