
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

- *ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ*

- ਕਿਹਾ, ਪੰਜਾਬ ਸਰਕਾਰ ਨੇ 100 ਕਰੋੜ ਰੁਪਏ ਦਾ ਰੱਖਿਆ ਬਜਟ
- ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਕਰਵਾਇਆ ਸੈਮੀਨਾਰ
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ :
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਰਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਭਰ ’ਚ 650 ਏਕੜ ਜ਼ਮੀਨ ਉਤੇ ਗੁਰੂ ਜੀ ਦੇ ਨਾਂ ’ਤੇ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾ ਰਹੇ ਹਨ।
ਇਸ ਮੌਕੇ ਚਾਂਸਲਰ ਸੰਤ ਮਨਮੋਹਨ ਸਿੰਘ, ਸੰਤ ਸਰਵਣ ਸਿੰਘ, ਸੰਤ ਨਿਰਮਲ ਦਾਸ ਜੀ, ਸੰਤ ਪ੍ਰਦੀਪ ਦਾਸ, ਭੈਣ ਸੰਤੋਸ਼ ਕੁਮਾਰੀ, ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਅਤੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਟੀਨੂੰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਡਾ. ਰਵਜੋਤ ਸਿੰਘ ਨੇ ਸੰਬੋਧਨ ’ਚ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ ਨੇੜੇ ਨੌਗਜ਼ਾ/ਫਰੀਦਪੁਰਾ ਵਿਖੇ 10.4 ਏਕੜ ਰਕਬੇ ਵਿੱਚ 37 ਕਰੋੜ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ 650ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਿਥੇ ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਉਥੇ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੋਬਾਈਲ ਵੈਨਾਂ ਰਾਹੀਂ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿੱਚ ਵਾਰਾਣਸੀ ਤੋਂ ਖੁਰਾਲਗੜ੍ਹ, ਫਰੀਦਕੋਟ ਤੋਂ ਖੁਰਾਲਗੜ੍ਹ, ਬਠਿੰਡਾ ਤੋਂ ਖੁਰਾਲਗੜ੍ਹ ਤੇ ਜੰਮੂ ਤੋਂ ਖੁਰਾਲਗੜ੍ਹ ਦੀ ਸ਼ੋਭਾ ਯਾਤਰਾ ਸ਼ਾਮਲ ਹੈ। ਇਹ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਸਾਹਿਬ ’ਚ ਸਮਾਪਤ ਹੋਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਤੇ ਸਿੱਖਿਆਵਾਂ ਦੇ ਵੱਧ ਤੋਂ ਵੱਧ ਪਾਸਾਰ ਨੂੰ ਯਕੀਨੀ ਬਣਾਉਣਗੀਆਂ। ਸਮਾਗਮਾਂ ਦੇ ਹਿੱਸੇ ਵਜੋਂ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।
ਸੰਤ ਨਿਰਮਲ ਦਾਸ ਜੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਔਖੇ ਸਮੇਂ ’ਚ 'ਵਿਦਿਆ' ਹੀ ਮਨੁੱਖ ਦੀ ਸਭ ਤੋਂ ਵੱਡੀ ਸਾਥੀ ਹੁੰਦੀ ਹੈ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਬੁਰਾਈਆਂ ਦਾ ਤਿਆਗ ਕਰਕੇ ਸਿਰਫ਼ ਗੁਣਾਂ ਅਤੇ ਗਿਆਨ ਨੂੰ ਗ੍ਰਹਿਣ ਕਰਨ। ਸੰਤ ਪ੍ਰਦੀਪ ਦਾਸ ਜੀ ਨੇ ਕਿਹਾ ਕਿ ਜਦੋਂ ਸਮਾਜ ’ਚ ਸਿੱਖਿਆ ਆਵੇਗੀ, ਉਦੋਂ ਹੀ ਅਸੀਂ ਆਤਮਿਕ ਤੇ ਸਮਾਜਿਕ ਤੌਰ 'ਤੇ ਅੱਗੇ ਵਧਾਂਗੇ। ਸੰਤੋਸ਼ ਕੁਮਾਰੀ ਨੇ ਗੁਰੂ ਰਵਿਦਾਸ ਜੀ ਦੁਆਰਾ ਦਰਸਾਏ 'ਬੇਗਮਪੁਰਾ' ਦੇ ਸੰਕਲਪ ਨੂੰ ਭਾਰਤੀ ਸੰਵਿਧਾਨ ਨਾਲ ਜੋੜਨਾ ਦਾ ਸੁਨੇਹਾ ਦਿੱਤਾ ਹੈ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੇ ਮੁੱਖ ਬੁਲਾਰੇ ਪ੍ਰੋ. ਹਰਬੰਸ ਸਿੰਘ ਬੋਲੀਨਾ ਨੇ ਆਪਣੇ ਭਾਸ਼ਣ ਦੌਰਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ’ਚ ਯੂਨੀਵਰਸਿਟੀ ਦੇ ਰਜਿਸਟਰਾਰ ਰਾਜਿੰਦਰ ਕੁਮਾਰ ਨੇ ਧੰਨਵਾਦੀ ਸ਼ਬਦ ਪ੍ਰਗਟਾਏ। ਇਸ ਮੌਕੇ ਐੱਸ. ਡੀ.ਐੱਮ. ਲਾਲ ਵਿਸ਼ਵਾਸ਼ ਬੈਂਸ, ਸੰਤ-ਮਹਾਂਪੁਰਸ਼, ਪ੍ਰਮੁੱਖ ਰਾਜਨੀਤਿਕ ਸ਼ਖ਼ਸੀਅਤਾਂ, ਯੂਨੀਵਰਸਿਟੀ ਮੈਨੇਜਮੈਂਟ, ਅਧਿਆਪਕ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਸ਼ਾਮਲ ਹੋਏ।