
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਪ੍ਰਮੁੱਖ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਆਮ ਪਰਿਵਾਰਾਂ ਨੂੰ ਆਰਥਿਕ ਰਾਹਤ ਦਿੰਦਿਆਂ ਸਰਕਾਰ ਵਲੋਂ 600 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਸਫ਼ਲਤਾਪੂਰਵਕ ਦਿੱਤੀ ਜਾ ਰਹੀ ਹੈ।

ਤੇਜਿੰਦਰ ਕੌਰ ਥਿੰਦ, ਜਲੰਧਰ : ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 80ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਕੈਬਨਿਟ ਮੰਤਰੀ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਪ੍ਰਮੁੱਖ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਆਮ ਪਰਿਵਾਰਾਂ ਨੂੰ ਆਰਥਿਕ ਰਾਹਤ ਦਿੰਦਿਆਂ ਸਰਕਾਰ ਵਲੋਂ 600 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਸਫ਼ਲਤਾਪੂਰਵਕ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਿਨਾਂ ਕਿਸੇ ਭੇਦਭਾਵ ਦੇ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।
ਆਮ ਜਨਤਾ ਲਈ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੇਸ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਔਰਤਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸ਼ਕਤੀਕਰਨ ਲਈ 'ਮਾਂਵਾਂ ਧੀਆਂ ਸਤਿਕਾਰ ਯੋਜਨਾ' ਦਾ ਵਾਅਦਾ ਪੂਰਾ ਕੀਤਾ ਗਿਆ ਹੈ।
ਸਮਾਰੋਹ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ-ਸਾਈਕਲਾਂ ਦੀ ਵੰਡ ਕੀਤੀ ਗਈ।
ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਸਕੂਲੀ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀਟੀ ਸ਼ੋਅ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਨੇ ਸਟੇਡੀਅਮ ਵਿੱਚ ਮੌਜੂਦ ਹਜ਼ਾਰਾਂ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਰੋਹ ਦੇ ਅੰਤ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ (ਆਈਏਐੱਸ), ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ (ਪੀਸੀਐੱਸ) ਅਤੇ ਸਹਾਇਕ ਕਮਿਸ਼ਨਰ (ਜਨਰਲ) ਮੇਜਰ (ਡਾ.) ਵਰੁਣ ਕੁਮਾਰ (ਪੀ.ਸੀ.ਐੱਸ.) ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸਮਾਰੋਹ ਦਾ ਸਮਾਪਨ ਰਾਸ਼ਟਰੀ ਗਾਨ ਨਾਲ ਕੀਤਾ ਗਿਆ, ਜਿਸ ਤੋਂ ਬਾਅਦ ਪੂਰੇ ਸਤਿਕਾਰ ਨਾਲ 80ਵੇਂ ਸੁਤੰਤਰਤਾ ਦਿਵਸ ਸਮਾਰੋਹ ਦੀ ਸਮਾਪਤੀ ਹੋਈ।