80ਵਾਂ ਆਜ਼ਾਦੀ ਦਿਹਾੜਾ : ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਜੋਸ਼ 80ਵਾਂ ਆਜ਼ਾਦੀ ਦਿਹਾੜਾ : ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
Publish Date: Thu, 13 Aug 2026 08:45 PM (IST)
Updated Date: Thu, 13 Aug 2026 08:47 PM (IST)
ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ 15 ਨੂੰ ਕੈਬਨਿਟ ਮੰਤਰੀ ਮਹਿੰਦਰ ਭਗਤ ਲਹਿਰਾਉਣਗੇ ਤਿਰੰਗਾ ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਜਲੰਧਰ, 80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਵੀਰਵਾਰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਫੁੱਲ ਡਰੈੱਸ ਰਿਹਰਸਲ ਹੋਈ, ਜਿਸ ’ਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਸੀ.ਪੀ ਪਰਮਿੰਦਰ ਸਿੰਘ ਹੀਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੀ ਮੌਜੂਦ ਸਨ। ਪਰੇਡ ਦੇ ਨਿਰੀਖਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪਰੇਡ ਕਮਾਂਡਰ ਆਤਿਸ਼ ਭਾਟੀਆ ਦੀ ਅਗਵਾਈ ’ਚ ਕੱਢੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ’ਚ ਇੰਡੋ-ਤਿਬਤੀਅਨ ਬਾਰਡਰ ਪੁਲਿਸ, ਪੰਜਾਬ ਪੁਲਿਸ (ਪੁਰਸ਼), ਪੰਜਾਬ ਪੁਲਿਸ ਮਹਿਲਾ ਵਿੰਗ, ਪੀ.ਆਰ.ਟੀ.ਸੀ. ਜਹਾਨ ਖੇਲਾਂ, ਪੰਜਾਬ ਹੋਮ ਗਾਰਡਜ਼, ਐੱਨ.ਸੀ.ਸੀ. ਲੜਕੇ, ਐੱਨ.ਸੀ.ਸੀ. ਲੜਕੀਆਂ, ਲਾਇਲਪੁਰ ਖਾਲਸਾ ਸਕੂਲ ਲੜਕੇ, ਡੀ.ਐੱਸ.ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਸੋਡਲ ਰੋਡ ਦੇ ਸਕਾਊਟ, ਲਾਇਲਪੁਰ ਖਾਲਸਾ ਸਕੂਲ ਗਰਲਜ਼ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦੀਆਂ ਗਰਲ ਗਾਈਡਜ਼ ਅਤੇ ਸੀ.ਆਰ.ਪੀ.ਐੱਫ. ਦਾ ਬੈਂਡ ਸ਼ਾਮਲ ਸੀ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ.ਸ਼ੋਅ ਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ ਗਈ। ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਰਾਸ਼ਟਰੀ ਝੰਡਾ ਲਹਿਰਾਉਣਗੇ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਅਤੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਆਮਦ ਨੂੰ ਮੁੱਖ ਰੱਖਦਿਆਂ ਸੁਖਾਲੀ ਐਂਟਰੀ, ਬੈਠਣ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ, ਸੁਚਾਰੂ ਆਵਾਜਾਈ ਅਤੇ ਪਾਰਕਿੰਗ ਲਈ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਐੱਸ.ਡੀ.ਐੱਮ. ਜਲੰਧਰ-1 ਸ਼ੁਭੀ ਆਂਗਰਾ, ਐੱਸ.ਡੀ.ਐੱਮ. ਜਲੰਧਰ-2 ਸ਼ਾਇਰੀ ਮਲਹੋਤਰਾ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਵਰੁਣ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ। ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਸੀ.ਪੀ ਪਰਮਿੰਦਰ ਸਿੰਘ ਹੀਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੀ ਮੌਜੂਦ ਸਨ।