ਕਿਸਾਨਾਂ ਨੂੰ 1150 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ : ਡੀਸੀ
ਨਾੜ ਨੂੰ ਅੱਗ ਨਾ
Publish Date: Sat, 02 May 2026 07:28 PM (IST)
Updated Date: Sun, 03 May 2026 04:15 AM (IST)

ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਣ ਦੀ ਸੰਭਾਲ ’ਚ ਯੋਗਦਾਨ ਪਾਉਣ ਦਾ ਸੱਦਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ’ਚ ਚੱਲ ਰਹੀ ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੁੱਲ 4,68,149 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ’ਚ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,67,198 ਮੀਟ੍ਰਿਕ ਟਨ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਈ ਜਾ ਰਹੀ ਹੈ ਤੇ 1150 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਲਿਫ਼ਟਿੰਗ ’ਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਿਫ਼ਟਿੰਗ ਦੇ ਕੰਮ ਨੂੰ ਹੋਰ ਗਤੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਮਿੱਥੇ ਸਮੇਂ ’ਚ ਚੁਕਾਈ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਹਿਮ ਅਪੀਲ ਕਰਦਿਆਂ ਕਿਹਾ ਕਿ ਕਟਾਈ ਉਪਰੰਤ ਕਣਕ ਦੇ ਨਾੜ ਨੂੰ ਬਿਲਕੁਲ ਅੱਗ ਨਾ ਲਾਈ ਜਾਵੇ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਕਾਰਨ ਹਾਦਸੇ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ।