ਵਿਦਿਆਰਥੀਆਂ ਨੇ ਸਰਕਾਰੀ ਸਕੂਲ ਢੱਡਾ ਦਾ ਚਮਕਾਇਆ ਨਾਂ
ਲਵਦੀਪ ਬੈਂਸ, ਪੰਜਾਬੀ ਜਾਗਰਣ,
Publish Date: Sat, 02 May 2026 07:59 PM (IST)
Updated Date: Sun, 03 May 2026 04:17 AM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਦੇ ਵਿਦਿਆਰਥੀ ਆਲਰਾਊਂਡਰ ਹਨ, ਜੋ ਖੇਡਾਂ ਦੇ ਨਾਲ-ਨਾਲ ਪੜ੍ਹਾਈ ਤੇ ਵਿੱਦਿਅਕ ਪ੍ਰਤੀਯੋਗਿਤਾਵਾਂ ’ਚ ਵੀ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਸਾਲ ਕਰਵਾਏ ਜਾਂਦੇ ‘ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ’ (ਐੱਨਐੱਮਐੱਮਐੱਸ) ਪ੍ਰੀਖਿਆ ’ਚ ਪੰਜਾਬ ਭਰ ਤੋਂ ਸਰਕਾਰੀ ਸਕੂਲਾਂ ਦੇ 8ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਹਿੱਸਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ (2026) ਲਈ ਹੋਈ ਪ੍ਰੀਖਿਆ ’ਚ ਸ. ਸੀ. ਸੈਕੰ. ਸਕੂਲ ਢੱਡਾ ਦੇ 8ਵੀਂ ਜਮਾਤ ਦੇ ਵਿਦਿਆਰਥੀ ਰੋਹਨ ਨੇ ਵਧੀਆ ਨੰਬਰਾਂ ਨਾਲ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਰੋਹਨ ਨੇ 95 ਫੀਸਦੀ ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ ਤੇ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥੀ ਰੋਹਨ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਰੋਹਨ ਦੇ ਮਾਤਾ-ਪਿਤਾ ਤੇ ਸਕੂਲ ਦੇ ਸਕੂਲ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਭਵਿੱਖ ’ਚ ਬਿਹਤਰ ਪ੍ਰਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।