ਗੁਰੂ ਗੋਬਿੰਦ ਸਿੰਘ ਮਾਰਗ ਦੇ ਮਸਲੇ ਸਬੰਧੀ ਸਿੱਖ ਜਥੇਬੰਦੀਆਂ ਇਕਜੁੱਟ
ਜਥੇਦਾਰ ਸ੍ਰੀ ਅਕਾਲ ਤਖਤ
Publish Date: Mon, 25 May 2026 07:00 PM (IST)
Updated Date: Tue, 26 May 2026 04:08 AM (IST)

ਜਥੇਦਾਰ ਸ੍ਰੀ ਅਕਾਲ ਤਖਤ ਨਾਲ ਕੀਤੀ ਮੁਲਾਕਾਤ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਅਗਰਵਾਲ ਸਮਾਜ ਦੇ ਕੁਝ ਲੋਕਾਂ ਵੱਲੋਂ ਗੁਰੂ ਗੋਬਿੰਦ ਸਿੰਘ ਮਾਰਗ ਸਬੰਧੀ ਅਖਬਾਰਾਂ ’ਚ ਪ੍ਰਕਾਸ਼ਿਤ ਗੁੰਮਰਾਹਕੁੰਨ ਬਿਆਨਾਂ ਕਾਰਨ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਣ ਤੇ ਸੰਗਤਾਂ ’ਚ ਰੋਸ ਪਾਏ ਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਅਗਰਵਾਲ ਸਮਾਜ ਦੇ ਕੁੱਝ ਅਨਸਰਾਂ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਮੇਅਰ ਨਗਰ ਨਿਗਮ ਜਲੰਧਰ, ਸਿੱਖ ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਤਾਲਮੇਲ ਕਮੇਟੀ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਤੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਬੇਨਤੀ ਪੱਤਰ ਦਿੱਤੇ ਜਾਣਗੇ ਕਿ ਅਜਿਹੇ ਗੁੰਮਰਾਹਕੁੰਨ ਪ੍ਰਚਾਰ ਤੇ ਸ਼ਰਾਰਤੀ ਕਾਰਵਾਈਆਂ ਨਾਲ ਜਿੱਥੇ ਸਿੱਖ ਪੰਥ ਦੀਆਂ ਭਾਵਨਾਵਾਂ ਭੜਕ ਸਕਦੀਆਂ ਹਨ, ਉਥੇ ਸ਼ਹਿਰ ਦਾ ਮਾਹੌਲ ਵੀ ਤਣਾਅਪੂਰਨ ਬਣ ਸਕਦਾ ਹੈ। ਇਸੇ ਸਬੰਧ ’ਚ ਹੀ ਗੁਰਦੁਆਰਾ ਕਮੇਟੀ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਿਆ ਤੇ ਉਨ੍ਹਾਂ ਨੂੰ ਸਾਰੇ ਮਾਮਲੇ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਵਫਦ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਵਫਦ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਵਫਦ ਨੇ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨਾਲ ਮੁਲਾਕਾਤਾਂ ਕੀਤੀਆਂ, ਜਿਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦਾ ਵਾਅਦਾ ਕੀਤਾ। ਵਫਦ ’ਚ ਪ੍ਰਧਾਨ ਹਰਜਿੰਦਰ ਸਿੰਘ, ਸਕੱਤਰ ਇਕਬਾਲ ਸਿੰਘ, ਖਜ਼ਾਨਚੀ ਤਲਵਿੰਦਰ ਸਿੰਘ, ਲਖਵੀਰ ਸਿੰਘ, ਐਡਵੋਕੇਟ ਸਵਰਨ ਸਿੰਘ, ਕੁਲਦੀਪ ਸਿੰਘ, ਕਰਮਜੀਤ ਸਿੰਘ, ਤ੍ਰਿਲੋਚਨ ਸਿੰਘ, ਗੁਰਨਾਮ ਸਿੰਘ, ਜਸਜੀਤ ਸਿੰਘ, ਰਾਜਮਹਿੰਦਰ ਸਿੰਘ, ਜਸਪ੍ਰੀਤ ਸਿੰਘ ਸੈਣੀ, ਜੰਗ ਬਹਾਦਰ ਸਿੰਘ,ਗੁਰਵਿੰਦਰ ਸਿੰਘ ਬਿੱਟੂ, ਕੁਲਵਿੰਦਰ ਸਿੰਘ ਲੱਡੂ, ਗੁਰਦੇਵ ਸਿੰਘ ਠੇਕੇਦਾਰ, ਮਹਾਰਾਜਾ ਰਣਜੀਤ ਸਿੰਘ ਐਵੇਨਿਊ ਸੁਸਾਇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਆਦਿ ਸ਼ਾਮਲ ਹੋਏ।