- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੈਰ-ਕਾਨੂੰਨੀ ਮਾਈਨਿੰਗ 'ਤੇ ਸੀ.ਬੀ.ਆਈ. ਜਾਂਚ ਨੂੰ ਅਮਨ ਅਰੋੜਾ ਨੇ ਦੱਸਿਆ ਚੋਣ ਸਟੰਟ, ਚੰਨੀ 'ਤੇ ਵੀ ਸਾਧਿਆ ਨਿਸ਼ਾਨਾ

-ਅਮਨ ਅਰੋੜਾ ਨੇ ਝੋਟਾ ਕਤਲਕਾਂਡ ’ਚ ਇਨਸਾਫ਼ ਦਾ ਭਰੋਸਾ ਦਿੱਤਾ, ਮਾਈਨਿੰਗ ਜਾਂਚ ਨੂੰ ਦੱਸਿਆ ਚੋਣ ਸਟੰਟ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਲੰਧਰ ’ਚ ਹੋਈ ਉੱਚ ਪੱਧਰੀ ਬੈਠਕ ਵਿੱਚ ਬੇਸਹਾਰਾ ਗਊ-ਵੰਸ਼ ਦੀ ਸੰਭਾਲ, ਨਸ਼ਿਆਂ ਖ਼ਿਲਾਫ਼ ਮੁਹਿੰਮ ਅਤੇ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਬਾਰੇ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਗਊ-ਵੰਸ਼ ਦੀ ਦੇਖਭਾਲ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਨ ਲਈ 21 ਅਕਤੂਬਰ ਨੂੰ ਚੰਡੀਗੜ੍ਹ ’ਚ ਮੰਤਰੀ ਪੱਧਰੀ ਕਮੇਟੀ ਦੀ ਬੈਠਕ ਹੋਵੇਗੀ। ਇਸ ’ਚ ਬਜਟ, ਗਊਸ਼ਾਲਾਵਾਂ ਦੇ ਪ੍ਰਬੰਧ ਅਤੇ ਸੜਕ ਹਾਦਸੇ ਰੋਕਣ ਲਈ ਵਿਆਪਕ ‘360 ਡਿਗਰੀ ਪ੍ਰਸਤਾਵ’ ਤਿਆਰ ਕਰਕੇ ਮੁੱਖ ਮੰਤਰੀ ਸਾਹਮਣੇ ਰੱਖਿਆ ਜਾਵੇਗਾ।
---
ਝੋਟਾ ਕਤਲਕਾਂਡ ’ਚ ਇਨਸਾਫ਼ ਦਾ ਭਰੋਸਾ
ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਦੁੱਖ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਸਸਕਾਰ ਵਿੱਚ ਹੋਰ ਦੇਰੀ ਨਾ ਕਰਨ ਅਤੇ ਪ੍ਰਸ਼ਾਸਨ ਨਾਲ ਬੈਠ ਕੇ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇਕ ਵਿਅਕਤੀ ਜਾਂ ਸਰਕਾਰ ਦੀ ਨਹੀਂ, ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ, ਪ੍ਰਸ਼ਾਸਨ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖ਼ੁਦ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਪੁਲਿਸ ਅਤੇ ਪ੍ਰਸ਼ਾਸਨ ਕਾਨੂੰਨ ਅਨੁਸਾਰ ਜਾਂਚ ਕਰ ਰਹੇ ਹਨ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸੰਵੇਦਨਸ਼ੀਲ ਸਰਹੱਦੀ ਸੂਬੇ ਦੇ ਮਾਮਲਿਆਂ ’ਤੇ ਸਿਆਸੀ ਲਾਹਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
---
ਮਾਈਨਿੰਗ ਜਾਂਚ ਨੂੰ ਦੱਸਿਆ ਚੋਣ ਸਟੰਟ
ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਸੀਬੀਆਈ ਜਾਂਚ ਬਾਰੇ ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਚੋਣਾਂ ਨੇੜੇ ਆਉਣ ’ਤੇ ਜਾਂਚ ਸ਼ੁਰੂ ਕਰਨਾ ਚੋਣ ਸਟੰਟ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਕਰੋੜਾਂ ਰੁਪਏ ਮਿਲਣ ਦੇ ਮਾਮਲੇ ਸਾਹਮਣੇ ਆਏ, ਉਨ੍ਹਾਂ ਵੱਲੋਂ ਇਸ ਮੁੱਦੇ ’ਤੇ ਬਿਆਨ ਦੇਣਾ ਬੇਮਤਲਬ ਹੈ। ਬੈਠਕ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਬਲਤੇਜ ਪੰਨੂ ਅਤੇ ਹੋਰ ਆਗੂ ਮੌਜੂਦ ਸਨ।