- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ: ਰਵਿਸ਼ ਰਾਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜਲੰਧਰ
ਕਾਂਗਰਸ ਆਗੂ ਅਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਚੋਣ ਕਮਿਸ਼ਨ ਦੀ ਆਜ਼ਾਦੀ ਅਤੇ ਨਿਰਪੱਖਤਾ ਨੂੰ ਲੈ ਕੇ ਉੱਠ ਰਹੇ ਸਵਾਲਾਂ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਅਹੁਦੇ ਤੋਂ ਸਸਪੈਂਡ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਰਵਿਸ਼ ਰਾਜ ਨੇ ਦੋਸ਼ ਲਗਾਇਆ ਕਿ ਕਥਿਤ ‘ਵੋਟ ਚੋਰੀ’ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਖ਼ਤਰੇ ਵਿੱਚ ਪਾਇਆ ਗਿਆ ਹੈ। ਰਵਿਸ਼ ਰਾਜ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਾਫ਼ੀ ਸਮਾਂ ਪਹਿਲਾਂ ਹੀ ਵੋਟਰ ਸੂਚੀਆਂ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਸਵਾਲ ਉਠਾਏ ਸਨ, ਜੋ ਹੁਣ ਰਾਸ਼ਟਰੀ ਬਹਿਸ ਦਾ ਵਿਸ਼ਾ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀ ਆਜ਼ਾਦੀ ਨੂੰ ਲੈ ਕੇ ਉੱਠੇ ਸਵਾਲਾਂ ’ਤੇ ਸੰਵਿਧਾਨਕ ਸੰਸਥਾਵਾਂ ਅਤੇ ਨਿਆਂਪਾਲਿਕਾ ਦੇ ਪੱਧਰ ’ਤੇ ਗੰਭੀਰਤਾ ਨਾਲ ਵਿਚਾਰ ਹੋਣਾ ਚਾਹੀਦਾ ਹੈ। ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੀ ਭਰੋਸੇਯੋਗਤਾ ’ਤੇ ਕਿਸੇ ਵੀ ਤਰ੍ਹਾਂ ਦਾ ਸਵਾਲ ਉੱਠਣਾ ਗੰਭੀਰ ਮਾਮਲਾ ਹੈ ਅਤੇ ਚੋਣ ਪ੍ਰਣਾਲੀ ’ਤੇ ਲੋਕਾਂ ਦਾ ਭਰੋਸਾ ਹਰ ਹਾਲ ਵਿੱਚ ਕਾਇਮ ਰਹਿਣਾ ਚਾਹੀਦਾ ਹੈ।