ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਹੋਈ ਝੂਠੀ ਕਹਾਣੀ : ਬੀਬੀ ਕਾਕੜ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,
Publish Date: Fri, 27 Feb 2026 09:56 PM (IST)
Updated Date: Fri, 27 Feb 2026 09:58 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਹੋਰ ਆਗੂਆਂ ਨੂੰ ਕਥਿਤ ਸ਼ਰਾਬ ਘੁਟਾਲੇ ਵਿੱਚੋਂ ਬਰੀ ਕੀਤੇ ਜਾਣ ਦੇ ਫੈਸਲੇ ਦਾ ਪੰਜਾਬ ਇਨਫੋਟੈੱਕ ਦੇ ਡਾਇਰੈਕਟਰ ਤੇ ‘ਆਪ’ ਮਹਿਲਾ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਬੀਬੀ ਰਣਜੀਤ ਕੌਰ ਕਾਕੜ ਨੇ ਸਵਾਗਤ ਕਰਦਿਆਂ ਇਸਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਕਾਕੜ ਨੇ ਕਿਹਾ ਕਿ ਅੱਜ ਪੂਰੇ ਦੇਸ਼ ਸਾਹਮਣੇ ਇਹ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਅਤੇ ਇਸਦੇ ਆਗੂ ਕੱਟੜ ਇਮਾਨਦਾਰ ਹਨ। ਵਿਰੋਧੀਆਂ ਵੱਲੋਂ ਸੀਬੀਆਈ ਅਤੇ ਈਡੀ ਦੀ ਦੁਰਵਰਤੋਂ ਕਰਕੇ ਸਾਡੇ ਆਗੂਆਂ ਨੂੰ ਫਸਾਉਣ ਲਈ ਰਚੀ ਗਈ ਝੂਠੀ ਕਹਾਣੀ ਅੱਜ ਅਦਾਲਤ ਵਿਚ ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਹੋ ਗਈ ਹੈ। ਇਸ ਕੇਸ ਵਿਚ ਭ੍ਰਿਸ਼ਟਾਚਾਰ ਜਾਂ ਪੈਸੇ ਦੇ ਲੈਣ-ਦੇਣ ਦਾ ਕੋਈ ਸਬੂਤ ਨਹੀਂ ਮਿਲਿਆ ਅਤੇ ਇਹ ਸਾਰਾ ਕੇਸ ਸਿਰਫ਼ ਮਨਘੜਤ ਕਹਾਣੀਆਂ 'ਤੇ ਆਧਾਰਿਤ ਸੀ। ਉਨ੍ਹਾਂ ਕਿਹਾ ਕਿ ਆਗੂਆਂ ਨੇ ਬਿਨਾਂ ਕਿਸੇ ਕਸੂਰ ਦੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਸਮਾਂ ਬਿਤਾਇਆ, ਪਰ ਉਨ੍ਹਾਂ ਨੇ ਕਦੇ ਵੀ ਸੱਚਾਈ ਦਾ ਰਸਤਾ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਇਮਾਨਦਾਰ ਹਨ ਤੇ ਆਮ ਆਦਮੀ ਪਾਰਟੀ ਇਮਾਨਦਾਰ ਲੋਕਾਂ ਦੀ ਪਾਰਟੀ ਹੈ। ‘ਆਪ’ ਹੁਣ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤੀ ਤੇ ਹੌਂਸਲੇ ਨਾਲ ਲੋਕਾਂ ਦੀ ਭਲਾਈ ਅਤੇ ਦੇਸ਼ ਦੇ ਵਿਕਾਸ ਲਈ ਕੰਮ ਕਰੇਗੀ।