ਜਲੰਧਰ ’ਚ ਕਰਵਾਏ ਗਏ ਮਾਂ ਬੋਲੀ ਪੰਜਾਬੀ ਮਾਰਚ ’ਚ ਦੇਸ਼-ਵਿਦੇਸ਼ਾ ਤੋਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਕੀਤੀ ਸ਼ਮੂਲੀਅਤ

ਪੰਜਾਬ ਸਰਕਾਰ ਵਿਸ਼ਵ ਦੇ ਕੋਨੇ-ਕੋਨੇ ’ਚ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਦ੍ਰਿੜ੍ਹ ਸਕੰਲਪ : ਸੰਧਵਾਂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਜਾਗਰਿਤੀ ਮੰਚ ਤੇ ਪੰਜਾਬ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਸ਼ਹਿਰ ਭਰ ’ਚ ਪ੍ਰਭਾਵਸ਼ਾਲੀ ਮਾਂ ਬੋਲੀ ਪੰਜਾਬੀ ਮਾਰਚ ਕੱਢਿਆ ਗਿਆ। ਇਸ ਮੌਕੇ ਦੇਸ਼ ਵਿਦੇਸ਼ ਤੋਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਵੱਲੋਂ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ ਗਿਆ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਮਹਿੰਦਰ ਭਗਤ, ਮੈਂਬਰ ਪਾਰਲੀਮੈਂਟ ਅਸ਼ੋਕ ਮਿੱਤਲ, ਡਿਪਟੀ ਕਮਿਕਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੱਲੋਂ ਮਾਰਚ ’ਚ ਸ਼ਿਰਕਤ ਕੀਤੀ ਗਈ। ਹਜ਼ਾਰਾਂ ਦੀ ਗਿਣਤੀ ’ਚ ਲੋਕ ਲਾਇਲਪੁਰ ਖਾਲਸਾ ਸਕੂਲ, ਨਕੋਦਰ ਰੋਡ ਵਿਖੇ ਇਕੱਠੇ ਹੋਏ ਜਿੱਥੋਂ ਇਹ ਮਾਰਚ ਸ਼ੁਰੂ ਹੋਇਆ। ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਇਹ ਮਾਂ ਬੋਲੀ ਪੰਜਾਬੀ ਮਾਰਚ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਦੀਪਕ ਬਾਲੀ ਵੱਲੋਂ ਕੀਤੇ ਗਏ ਸੰਜੀਦਾ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬੀ ਭਾਸ਼ਾ ਦਾ ਰਾਜਦੂਤ ਬਣਨ ਦਾ ਸੱਦਾ ਦਿੰਦਿਆਂ ਵਿਸ਼ਵ ਪੱਧਰ ’ਤੇ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਰੀਆਂ ਭਾਸ਼ਾਵਾਂ ਸਨਮਾਨ ਯੋਗ ਹਨ ਪਰ ਲੋਕਾਂ ਨੂੰ ਆਪਣੀ ਮਾਤ ਭਾਸ਼ਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਘਰ ’ਚ ਬੱਚਿਆਂ ਨਾਲ ਪੰਜਾਬੀ ਭਾਸ਼ਾ ’ਚ ਗੱਲਬਾਤ ਕੀਤੀ ਜਾਵੇ।
ਇਸ ਮੌਕੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਵੱਡੇ ਪੱਧਰ ’ਤੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਾਰੀਆਂ ਵਿਦਿਅਕ ਸੰਸਥਾਵਾਂ ’ਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਾਤ ਭਾਸ਼ਾ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਉਂਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦੀ ਵੀ ਪਹਿਚਾਣ ਉਸ ਦੀ ਮਾਤ ਭਾਸ਼ਾ ਦੀਆਂ ਡੂੰਘੀਆਂ ਜੜ੍ਹਾਂ ਨਾਲ ਜੁੜੀ ਹੁੰਦੀ ਹੈ।
ਇਸ ਮੌਕੇ ਮਾਰਚ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਉਨ੍ਹਾਂ ਭਰੋਸਾ ਦੁਆਇਆ ਕਿ ਇਸ ਮਸਲੇ ਨੂੰ ਪੰਜਾਬ ਸਰਕਾਰ ਨਾਲ ਵਿਚਾਰਿਆ ਜਾਵੇਗਾ। ਸਮਾਗਮ ਨੂੰ ਸਭਿਆਚਾਰਕ ਰੰਗਤ ਦੇਣ ਲਈ ਪ੍ਰਸਿੱਧ ਗਾਇਕ ਮਨਕੀਰਤ ਔਲਖ, ਦਲਵਿੰਦਰ ਦਿਆਲਪੁਰੀ, ਕੁਲਵਿੰਦਰ ਕੈਲੀ ਤੇ ਗੁਰਲੇਜ਼ ਅਖ਼ਤਰ ਵਲੋਂ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ ਗਿਆ।