
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਮੱਲ੍ਹੀਵਾਲ ਤੋਂ ਦੌਲਤਪੁਰ ਢੱਡਾ ਰੋਡ 'ਤੇ ਲੁੱਟ-ਖੋਹ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪਤਨੀ ਨਾਲ ਰੱਖੜੀ ਬੰਨ੍ਹਵਾ ਕੇ ਸਹੁਰੇ ਘਰੋਂ ਪਰਤ ਰਹੇ ਇੱਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਕੇ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ।

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਪਿੰਡ ਮੱਲ੍ਹੀਵਾਲ ਤੋਂ ਦੌਲਤਪੁਰ ਢੱਡਾ ਰੋਡ 'ਤੇ ਲੁੱਟ-ਖੋਹ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪਤਨੀ ਨਾਲ ਰੱਖੜੀ ਬੰਨ੍ਹਵਾ ਕੇ ਸਹੁਰੇ ਘਰੋਂ ਪਰਤ ਰਹੇ ਇੱਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਕੇ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੁਖਵਿੰਦਰ ਸਿੰਘ ਪੁੱਤਰ ਜਗੀਰ ਸਿੰਘ, ਵਾਸੀ ਪਿੰਡ ਸ਼ਤਾਬਗੜ੍ਹ (ਸੁਲਤਾਨਪੁਰ ਲੋਧੀ) ਨੇ ਦੱਸਿਆ ਕਿ ਉਹ ਆਪਣੀ ਪਤਨੀ ਮਨਦੀਪ ਕੌਰ ਨਾਲ ਆਪਣੇ ਸਹੁਰੇ ਪਿੰਡ ਜਹਾਂਗੀਰ ਤੋਂ ਰੱਖੜੀ ਦਾ ਤਿਉਹਾਰ ਮਨਾ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਪਿੰਡ ਦੌਲਤਪੁਰ ਢੱਡਾ ਨਜ਼ਦੀਕ ਪੁੱਜੇ ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਲੁਟੇਰਿਆਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਲੁਟੇਰਿਆਂ ਨੇ ਉਸ ਉੱਪਰ ਦਾਤਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਮਲੇ ਤੋਂ ਬਾਅਦ ਲੁਟੇਰੇ ਉਸ ਦਾ ਡਿਸਕਵਰ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਂਕੀ ਮਲਸੀਆਂ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਦੋਂ ਇਸ ਸਬੰਧੀ ਚੌਂਕੀ ਇੰਚਾਰਜ ਏ.ਐੱਸ.ਆਈ. ਅੰਗਰੇਜ਼ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਲੁਟੇਰਿਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।