ਸਾਂਝੇ ਮੋਰਚੇ ਵੱਲੋਂ ਧੂਰੀ ’ਚ ਪੱਕਾ ਮੋਰਚਾ 9 ਤੋਂ
ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਦੇ ਸਾਂਝੇ ਮੋਰਚੇ ਵੱਲੋਂ 9 ਅਪ੍ਰੈਲ ਤੋਂ ਧੂਰੀ ਵਿਖੇ ਪੱਕਾ ਮੋਰਚਾ ਲੱਗੇਗਾ - ਖੇੜੀ ਗਿੱਲਾ
Publish Date: Mon, 06 Apr 2026 06:55 PM (IST)
Updated Date: Mon, 06 Apr 2026 06:58 PM (IST)

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਆਸ਼ਾ ਵਰਕਰਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ ਜਥੇਬੰਦੀ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਚੇਅਰਪਰਸਨ ਸੁਖਵਿੰਦਰ ਕੌਰ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਇਕ ਸਾਂਝੇ ਬਿਆਨ ’ਚ ਕਿਹਾ ਹੈ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਜਿੱਥੇ ਆਮ ਲੋਕਾਂ, ਕਿਸਾਨਾਂ ਤੇ ਬਾਕੀ ਮੁਲਾਜ਼ਮਾਂ ਵਾਂਗ ਆਸ਼ਾ ਵਰਕਰਾਂ ਦਾ ਸ਼ੋਸ਼ਣ ਕਰਨ ’ਚ ਵੀ ਪਿੱਛੇ ਨਹੀਂ ਹੈ। ਜੱਥੇਬੰਦੀ ਦੀਆਂ ਆਗੂਆਂ ਸੰਦੀਪ ਕੌਰ, ਰਾਜ ਕੁਮਾਰੀ, ਜਸਵੀਰ ਕੌਰ, ਬੀਰਪਾਲ ਕੌਰ, ਰੀਟਾ ਰਾਣੀ, ਨਿਰਮਲਾ ਦੇਵੀ ਨੇ ਕਿਹਾ ਕਿ ਸਾਂਝੇ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦਿਆਂ 9 ਅਪ੍ਰੈਲ ਤੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ, ਜਿਸ ’ਚ ਬਾਕੀ ਜੱਥੇਬੰਦੀਆਂ ਦੇ ਨਾਲ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਜੱਥੇਬੰਦੀ ਦੀ ਸੂਬਾ ਪ੍ਰੈੱਸ ਸਕੱਤਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸੰਘਰਸ਼ ਦੀ ਤਿਆਰੀ ਲਈ ਲੁਧਿਆਣੇ ’ਚ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ’ਚ ਸ਼ਮੂਲੀਅਤ ਕਰਨ ਦਾ ਪ੍ਰੋਗਰਾਮ ਉਲੀਕ ਦਿੱਤਾ ਗਿਆ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਪੱਕਾ ਮੋਰਚਾ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ। ਇਸ ਮੌਕੇ ਰੁਪਿੰਦਰ ਕੌਰ, ਸੁਖਵਿੰਦਰ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਰਵਿੰਦਰ ਕੌਰ ਤੇ ਹੋਰ ਆਗੂ ਹਾਜ਼ਰ ਸਨ।