- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਤਖਤਗੜ੍ਹ ਸਾਹਿਬ ਫਿਲੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੇ ਸਿੰਘ ਨਾਗੀ, ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ: ਸਿੱਖ ਧਰਮ ਦੇ ਮੋਢੀ ਅਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਖਤਗੜ੍ਹ ਸਾਹਿਬ ਫਿਲੌਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਕੀਰਤਨੀ ਤੇ ਰਾਗੀ ਜਥਿਆਂ ਸਮੇਤ ਬੀਬੀਆਂ ਨੇ ਰਸਭਿੰਨੀ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਥਾਵਾਂ ’ਤੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ। ਸ਼ਨਿਚਰਵਾਰ ਨੂੰ ਸਵੇਰੇ 9 ਵਜੇ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਪੂਰਾ ਇਲਾਕਾ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਨਾਲ ਗੂੰਜ ਉੱਠਿਆ।
ਪ੍ਰਬੰਧਕਾਂ ਨੇ ਦੱਸਿਆ ਗਿਆ ਕਿ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਮੁੱਖ ਸਮਾਗਮ 24 ਨਵੰਬਰ ਨੂੰ ਹੋਣਗੇ। ਇਸ ਦਿਨ ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਦੌਰਾਨ ਦੀਵਾਨ ਦੁਪਹਿਰ 1:30 ਵਜੇ ਤੱਕ ਸਜਾਏ ਜਾਣਗੇ। ਇਸ ਮੌਕੇ ਪ੍ਰਦੀਪ ਸਿੰਘ ਦੁਸਾਂਝ, ਅਮਨਦੀਪ ਸਿੰਘ ਚੱਢਾ, ਲਖਵਿੰਦਰ ਸਿੰਘ ਮੋਤੀਪੁਰ ਖਾਲਸਾ, ਅਮਰੀਕ ਸਿੰਘ ਵਿਰਦੀ, ਜਰਨੈਲ ਸਿੰਘ ਮੋਤੀਪੁਰ ਖਾਲਸਾ, ਪ੍ਰਿੰਸੀਪਲ ਪ੍ਰੇਮ ਕੁਮਾਰ, ਫਿਲੌਰ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਆਗੂਆਂ ਸਮੇਤ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।