ਲੰਮਾ ਪਿੰਡ ਹੁਸ਼ਿਆਰਪੁਰ ਰੋਡ 'ਤੇ ਹਾਦਸੇ 'ਚ ਵਿਅਕਤੀ ਦੀ ਮੌਤ, ਪਿੰਡ ਕੰਗਣੀਵਾਲ ਨੇੜੇ ਬਣ ਰਹੀ ਪੁਲੀ ਬਣੀ ਹਾਦਸੇ ਦਾ ਕਾਰਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਪਤਾਰਾ ਦੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੰਮਾ-ਪਿੰਡ ਸਾਈਡ ਤੋਂ ਮੋਟਰਸਾਈਕਲ ਨੰਬਰ ਪੀਬੀ-37-ਕੇ-5339 'ਤੇ ਸਵਾਰ ਹੋ ਕੇ ਆ ਰਿਹਾ ਸੀ ਤੇ ਬਣ ਰਹੀ ਪੁਲੀ ਦੀ ਖੱਡ ਵਿੱਚ ਡਿੱਗਣ ਕਾਰਨ ਉਸਦੀ ਮੌਤ ਹੋ ਗਈ ।
Publish Date: Mon, 02 Mar 2026 11:29 AM (IST)
Updated Date: Mon, 02 Mar 2026 11:36 AM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਲੰਮਾ-ਪਿੰਡ ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਹਾਦਸਾ ਪਿੰਡ ਕੰਗਣੀਵਾਲ ਨਜ਼ਦੀਕ ਮੁੱਖ ਮਾਰਗ ਵਿਚਕਾਰ ਬਣ ਰਹੀ ਪੁਲੀ ਕਾਰਨ ਵਾਪਰਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਪਤਾਰਾ ਦੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੰਮਾ-ਪਿੰਡ ਸਾਈਡ ਤੋਂ ਮੋਟਰਸਾਈਕਲ ਨੰਬਰ ਪੀਬੀ-37-ਕੇ-5339 'ਤੇ ਸਵਾਰ ਹੋ ਕੇ ਆ ਰਿਹਾ ਸੀ ਤੇ ਬਣ ਰਹੀ ਪੁਲੀ ਦੀ ਖੱਡ ਵਿੱਚ ਡਿੱਗਣ ਕਾਰਨ ਉਸਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲੋਂ ਸ਼ਨਾਖਤ ਸਬੰਧੀ ਕੋਈ ਵੀ ਦਸਤਾਵੇਜ਼ ਨਾਲ ਮਿਲਣ ਕਾਰਨ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ । ਉਨ੍ਹਾਂ ਦੱਸਿਆ ਕਿ ਦੇਹ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਰਖਵਾ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਇਥੇ ਇਹ ਜ਼ਿਕਰਯੋਗ ਹੈ ਕਿ ਜਿਸ ਜਗ੍ਹਾ ਪੁਲੀ ਬਣ ਰਹੀ ਹੈ ਉਸਦੇ ਆਲੇ-ਦੁਆਲੇ ਰਾਹਗੀਰਾਂ ਦੀ ਸੁਰੱਖਿਆ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸਾਰੀ ਦੇ ਕੰਮ ਦੌਰਾਨ ਸੁਰੱਖਿਆ ਮਾਪਦੰਡਾਂ ਨੂੰ ਅਣਗੌਲਿਆ ਕੀਤਾ ਗਿਆ ਸੀ। ਇਹ ਵੀ ਦੱਸਿਆ ਗਿਆ ਹੈ ਕਿ ਘਟਨਾ ਤੋਂ ਬਾਅਦ ਕੁਝ ਲੋਕਾਂ ਨੇ ਮ੍ਰਿਤਕ ਦਾ ਬਟੂਆ ਅਤੇ ਉਸਦੀ ਗਰਦਨ ਤੋਂ ਚੇਨ ਲਾਹ ਲਈ ਸੀ, ਜਿਸਦੀ ਪੁਲਿਸ ਵੱਖਰੇ ਤੌਰ 'ਤੇ ਜਾਂਚ ਕਰ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।