ਰਾਕੇਸ਼ ਗਾਂਧੀ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ਏਐੱਸਆਈ ਰਵਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਏਕਤਾ ਨਗਰ ਤੋਂ ਬਸ਼ੀਰਪੁਰਾ ਵੱਲ ਗਸ਼ਤ ਕਰ ਰਹੇ ਸਨ ਕਿ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਉਹ ਇਕਦਮ ਘਬਰਾ ਗਿਆ ਤੇ ਗਲ਼ੀ ਵਿਚ ਮੁੜਨ ਲੱਗਾ। ਸ਼ੱਕ ਪੈਣ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿਚੋਂ ਇਕ ਗ੍ਰਾਮ ਹੈਰੋਇਨ ਤੇ 39 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਜਿਸ 'ਤੇ ਦੀਪਕ ਕੁਮਾਰ ਉਰਫ਼ ਰਾਹੁਲ ਵਾਸੀ ਕਮਲ ਵਿਹਾਰ ਜਲੰਧਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਫੜੇ ਗਏ ਨੌਜਵਾਨ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।