ਭਾਜਪਾ ਦੀ ਲੋਕਪ੍ਰਿਅਤਾ ਤੋਂ ਘਬਰਾਈ ‘ਆਪ’ : ਰੁਪਾਣਾ
ਆਮ ਆਦਮੀ ਪਾਰਟੀ ਭਾਜਪਾ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾਈ ਹੋਈ ਹੈ : ਤਰਸੇਮ ਰੁਪਾਣਾ
Publish Date: Mon, 11 May 2026 07:48 PM (IST)
Updated Date: Mon, 11 May 2026 07:51 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਜਪਾ ਵਿਮੁਕਤ ਜਾਤੀਆਂ ਮੋਰਚਾ ਦੇ ਪ੍ਰਧਾਨ ਤਰਸੇਮ ਰੁਪਾਣਾ ਨੇ ਆਮ ਆਦਮੀ ਪਾਰਟੀ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਦੀ ਵਧਦੀ ਲੋਕਪ੍ਰਿਅਤਾ ਨੂੰ ਵੇਖ ਕੇ ‘ਆਪ’ ਆਗੂ ਕੋਝੀਆਂ ਹਰਕਤਾਂ ’ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਦੇ ਦਫ਼ਤਰ ਵਿੱਚ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵੱਲੋਂ ਕੀਤਾ ਗਿਆ ਹੰਗਾਮਾ ਤੇ ਮਾਈਕ ਚੁੱਕਣ ਦੀ ਘਟਨਾ ਨਿੰਦਣਯੋਗ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੀ ਰਾਜਨੀਤੀ ਕਰ ਰਹੀ ਹੈ। ਜੇਕਰ ਬੰਗਾ ਹਲਕੇ ਵਿੱਚ ਦੁਬਾਰਾ ਚੋਣ ਕਰਵਾਈ ਜਾਂਦੀ ਤਾਂ ਆਪ ਉਮੀਦਵਾਰ ਦੀ ਹਾਰ ਨਿਸ਼ਚਿਤ ਸੀ, ਜਿਸ ਕਾਰਨ ਸਰਕਾਰ ਚੋਣ ਤੋਂ ਕਤਰਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਵੱਲ ਵੱਧ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੀਆਂ ਔਰਤਾਂ ਵੀ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ ਕਿਉਂਕਿ ਚੋਣਾਂ ਦੌਰਾਨ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਿਧਾਇਕ ਡਾ. ਸੁਖਵਿੰਦਰ ਸੁੱਖੀ ਖਿਲਾਫ ਮਾਮਲਾ ਦਰਜ ਨਾ ਕੀਤਾ ਗਿਆ ਤਾਂ 12 ਮਈ ਨੂੰ ਪੰਜਾਬ ਭਾਜਪਾ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਐੱਸਐੱਸਪੀ ਦਫ਼ਤਰ ਨਵਾਂਸ਼ਹਿਰ ਦਾ ਘਿਰਾਓ ਕੀਤਾ ਜਾਵੇਗਾ।