- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਬਦਲਾਅ’ ਦੀ ਸਰਕਾਰ ਨੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਤਬਾਹ ਕੀਤਾ: ਚੰਨੀ

ਪ੍ਰਿਤਪਾਲ ਸਿੰਘ/ਗਿਆਨ ਸੈਦਪੁਰੀ, ਪੰਜਾਬੀ ਜਾਗਰਣ
ਸ਼ਾਹਕੋਟ : ਪੰਜਾਬ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ਼ਨਿਚਰਵਾਰ ਨੂੰ ਹਲਕਾ ਸ਼ਾਹਕੋਟ ਵਿਚ ਪਹੁੰਚੀ। ਪਿੰਡ ਪੰਡੋਰੀ ਖਾਸ ਤੋਂ ਹੁੰਦੀ ਹੋਈ ਇਹ ਯਾਤਰਾ ਜਿਵੇਂ ਹੀ ਹਲਕਾ ਸ਼ਾਹਕੋਟ ਦੀ ਹੱਦ ਵਿੱਚ ਦਾਖ਼ਲ ਹੋਈ ਤਾਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਅਤੇ ਕਾਂਗਰਸੀ ਵਰਕਰਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਉਪਰੰਤ ਇਹ ਵਿਸ਼ਾਲ ਕਾਫ਼ਲਾ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਪਿੰਡ ਢੰਡੋਵਾਲ ਵਿਖੇ ਪਹੁੰਚਿਆ, ਜਿੱਥੇ ਕਾਂਗਰਸੀ ਵਰਕਰਾਂ ਦੇ ਉਮੜੇ ਜਨ-ਸੈਲਾਬ ਨੇ ਯਾਤਰਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੀ ਵਿਸ਼ੇਸ਼ ਤੌਰ ’ਤੇ ਯਾਤਰਾ ਦੇ ਨਾਲ ਪਹੁੰਚੇ।
ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਮੌਜੂਦਾ ਸੂਬਾ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ‘ਬਦਲਾਅ’ ਦੇ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਥਿਆਉਣ ਵਾਲੀ ਸਰਕਾਰ ਨੇ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਵਪਾਰ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਚੰਨੀ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਗ੍ਰਸਤ ਕਰ ਦਿੱਤਾ ਹੈ ਅਤੇ ਗੈਂਗਸਟਰਵਾਦ ਫੈਲਾ ਕੇ ਮੁੰਡਿਆਂ ਦੇ ਹੱਥਾਂ ਵਿੱਚ ਗੋਲੀਆਂ ਤੇ ਰਿਵਾਲਵਰ ਫੜਾ ਦਿੱਤੇ ਹਨ। ਦਿੱਲੀ ਲੀਡਰਸ਼ਿਪ ਤੇ ਮੁੱਖ ਮੰਤਰੀ ਮਾਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਚੰਨੀ ਨੇ ਕਿਹਾ ਕਿ ਦਿੱਲੀ ਤੋਂ ਆਏ ‘ਕਾਲੇ ਅੰਗਰੇਜ਼ਾਂ’ ਨੇ ਪੰਜਾਬ ਨੂੰ ਲੁੱਟਿਆ ਅਤੇ ਕੁੱਟਿਆ ਹੈ। ਭਗਵੰਤ ਮਾਨ ਵੱਡੇ-ਵੱਡੇ ਬੋਰਡ ਲਗਾ ਕੇ ਖੁਦ ਨੂੰ ‘ਲੋਕਾਂ ਦਾ ਮੁੱਖ ਮੰਤਰੀ’ ਦੱਸ ਰਿਹਾ ਹੈ, ਪਰ ਉਹ ਲੋਕਾਂ ਦਾ ਨਹੀਂ ਸਗੋਂ ਦਿੱਲੀ ਤੋਂ ਲੱਗੀਆਂ ਉਨ੍ਹਾਂ ਜੋਕਾਂ ਦਾ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ, ਜਿਨ੍ਹਾਂ ਨੇ ਸਾਢੇ ਚਾਰ ਸਾਲ ਪੰਜਾਬ ਦਾ ਖੂਨ ਚੂਸਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੇਲੇ ਕੱਢੀਆਂ ਗਈਆਂ ਨੌਕਰੀਆਂ ਵਿੱਚ ਵੀ ਮੌਜੂਦਾ ਸਰਕਾਰ ਨੇ ਵੱਡੀ ਹੇਰਾ-ਫੇਰੀ ਕੀਤੀ ਅਤੇ ਸਾਡੇ ਆਮ ਘਰਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਪੈਸੇ ਲੈ ਕੇ ਆਪਣੇ ਚਹੇਤਿਆਂ ਨੂੰ ਭਰਤੀ ਕੀਤਾ। ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਕੋਈ ਸਿਆਸੀ ਸ਼ੋਸ਼ਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸ਼ੁਰੂ ਕੀਤਾ ਗਿਆ ਇਕ ਉਪਰਾਲਾ ਹੈ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵਿਧਾਇਕ ਲਾਡੀ ਸ਼ੇਰੋਵਾਲੀਆ ਵੱਲੋਂ ਕੀਤੇ ਗਏ ਲਾਮਿਸਾਲ ਇਕੱਠ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਰਾਣਾ ਗੁਰਜੀਤ ਸਿੰਘ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਾ-ਤਜਰਬੇਕਾਰ ਲੋਕਾਂ ਦੇ ਹੱਥਾਂ ਵਿੱਚ ਸੱਤਾ ਆਉਣ ਕਾਰਨ ਅੱਜ ਪੰਜਾਬ ਆਰਥਿਕ ਅਤੇ ਸਮਾਜਿਕ ਤੌਰ ’ਤੇ ਬਹੁਤ ਪਿੱਛੇ ਚਲਾ ਗਿਆ ਹੈ। ਅਜਿਹੇ ਨਾਜ਼ੁਕ ਸਮੇਂ ਵਿੱਚ ਜਦੋਂ ਬੇਰੁਜ਼ਗਾਰੀ ਤੋਂ ਨਿਰਾਸ਼ ਹੋ ਕੇ ਨੌਜਵਾਨ ਪੀੜ੍ਹੀ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਕਾਲੇ ਹਨੇਰੇ ਵੱਲ ਧੱਕੀ ਜਾ ਰਹੀ ਹੈ, ਤਾਂ ਚੰਨੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਯਾਤਰਾ’ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਇੱਕ ਇਤਿਹਾਸਕ ਕਦਮ ਹੈ। ਇਸ ਯਾਤਰਾ ਨੇ ਨਾ ਸਿਰਫ਼ ਕਾਂਗਰਸੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਹੈ, ਸਗੋਂ ਇਹ ਯਾਤਰਾ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਪੰਜਾਬ ਵਿੱਚ ਮੁੜ ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਿਆਉਣ ਦਾ ਆਧਾਰ ਬਣੇਗੀ।
ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਕੋਟਲੀ ਤੇ ਯਾਤਰਾ ਵਿੱਚ ਸ਼ਾਮਲ ਸਮੂਹ ਸਾਈਕਲ ਸਵਾਰ ਨੌਜਵਾਨਾਂ ਨੂੰ ਪਿੰਡ ਢੰਡੋਵਾਲ ਪੁੱਜਣ ’ਤੇ ਜੀ ਆਇਆਂ ਕਿਹਾ। ਵਿਧਾਇਕ ਸ਼ੇਰੋਵਾਲੀਆ ਨੇ ਆਮ ਆਦਮੀ ਪਾਰਟੀ ਵੱਲੋਂ ਸਾਈਕਲ ਯਾਤਰਾ ਦੇ ਕੀਤੇ ਗਏ ਵਿਰੋਧ ’ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਸੱਤਾਧਾਰੀ ਧਿਰ ਵੱਲੋਂ ਬਾਹਰਲੇ ਹਲਕਿਆਂ ਤੋਂ ਲੋਕ ਲਿਆ ਕੇ ਵਿਰੋਧ ਕਰਨ ਦਾ ਕੋਝਾ ਡਰਾਮਾ ਰਚਿਆ ਗਿਆ ਹੈ, ਕਿਉਂਕਿ ਹਲਕਾ ਸ਼ਾਹਕੋਟ ਦੇ ਆਪਣੇ ਲੋਕ ਕਾਂਗਰਸ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਸ਼ੂਗਰ ਮਿਲ ਨਕੋਦਰ ਦੇ ਸਾਬਕਾ ਚੇਅਰਮੈਨ ਅਸ਼ਵਿੰਦਰ ਸਿੰਘ ਨੀਟੂ, ਸਾਬਕਾ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਣਕਪੁਰ, ਸੰਦੀਪ ਸਿੰਘ ਖਹਿਰਾ, ਸੰਤੋਖ ਸਿੰਘ ਖਹਿਰਾ, ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।