ਚੱਬੇਵਾਲ ਨੇ ਕਿਹਾ ਕਿ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਅਮਿਤ ਸ਼ਾਹ ਦੇ ਨਾਂ 'ਤੇ ਉਨ੍ਹਾਂ ਨੂੰ ਫ਼ੋਨ ਕੀਤਾ। ਫ਼ੋਨ ਕਰ ਕੇ ਦਿੱਲੀ ਆ ਕੇ ਮਿਲਣ ਲਈ ਕਿਹਾ ਗਿਆ। ਚੱਬੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਇਕ ਸ਼ੱਕੀ ਫ਼ੋਨ ਕਾਲ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੰਸਦ ਮੈਂਬਰ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕਰੀਬ 8:45 ਵਜੇ ਉਨ੍ਹਾਂ ਦੇ ਮੋਬਾਈਲ 'ਤੇ ਇੱਕ ਅਣਪਛਾਤੇ ਨੰਬਰ ਤੋਂ ਫ਼ੋਨ ਆਇਆ। ਫ਼ੋਨ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਨਾਲ ਗੱਲ ਕਰਨਾ ਚਾਹੁੰਦੇ ਹਨ। ਇਸ ਤੋਂ ਬਾਅਦ ਦੂਜੇ ਪਾਸਿਓਂ ਇੱਕ ਵਿਅਕਤੀ ਨੇ ਖ਼ੁਦ ਨੂੰ ਅਮਿਤ ਸ਼ਾਹ ਦੱਸਦਿਆਂ ਸੰਸਦ ਮੈਂਬਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮੌਜੂਦਾ ਲੋਕੇਸ਼ਨ ਬਾਰੇ ਪੁੱਛਿਆ। ਜਦੋਂ ਡਾ. ਚੱਬੇਵਾਲ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਵਿੱਚ ਹਨ, ਤਾਂ ਫ਼ੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਦਿੱਲੀ ਆ ਕੇ ਮੁਲਾਕਾਤ ਕਰਨ ਲਈ ਕਿਹਾ।
ਸੰਸਦ ਮੈਂਬਰ ਨੇ ਦੱਸਿਆ ਕਿ ਗੱਲਬਾਤ ਦੌਰਾਨ ਉਨ੍ਹਾਂ ਨੂੰ ਸ਼ੱਕ ਹੋਇਆ ਕਿਉਂਕਿ ਫੋਨ ਕਰਨ ਵਾਲੇ ਦੀ ਆਵਾਜ਼ ਅਮਿਤ ਸ਼ਾਹ ਵਰਗੀ ਨਹੀਂ ਸੀ ਤੇ ਨਾ ਹੀ ਕਾਲ ਕਿਸੇ ਸਰਕਾਰੀ ਜਾਂ ਅਧਿਕਾਰਕ ਨੰਬਰ ਤੋਂ ਆਈ ਸੀ। ਮਾਮਲਾ ਸ਼ੱਕੀ ਲੱਗਣ ’ਤੇ ਉਨ੍ਹਾਂ ਨੇ ਤੁਰੰਤ ਹੁਸ਼ਿਆਰਪੁਰ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਸੰਬੰਧਤ ਮੋਬਾਈਲ ਨੰਬਰ ਅਤੇ ਕਾਲ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਦੇ ਹੋਏ ਜਾਂਚ ਦੀ ਮੰਗ ਕੀਤੀ।
ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ (SSP) ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਹੈ ਅਤੇ ਜਾਂਚ ਜਾਰੀ ਹੈ। ਉਨ੍ਹਾਂ ਕਿਹਾ: "ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਮਾਮਲਾ ਜਾਂਚ ਅਧੀਨ ਹੋਣ ਕਾਰਨ ਇਸ ਵੇਲੇ ਹੋਰ ਵੇਰਵੇ ਸਾਂਝੇ ਨਹੀਂ ਕੀਤੇ ਜਾ ਸਕਦੇ, ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।"
ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਹਾਲ ਹੀ ਵਿੱਚ ਪੰਜਾਬ ਤੋਂ 'ਆਪ' ਦੇ ਛੇ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਅਜਿਹੇ ਮਾਹੌਲ ਵਿੱਚ ਇੱਕ ਮੌਜੂਦਾ ਸੰਸਦ ਮੈਂਬਰ ਨੂੰ ਇਸ ਤਰ੍ਹਾਂ ਦੀ ਸ਼ੱਕੀ ਕਾਲ ਆਉਣਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਕਿਸੇ ਦੀ ਸ਼ਰਾਰਤ ਸੀ ਜਾਂ ਕਿਸੇ ਡੂੰਘੀ ਸਿਆਸੀ ਸਾਜ਼ਿਸ਼ ਦਾ ਹਿੱਸਾ।
ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਇਸ ਮਾਮਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਅਮਿਤ ਸ਼ਾਹ ਜੀ ਦਾ ਡਰ ਹੈ ਜਾਂ ਕੋਈ ਸਿਆਸੀ ਡਰਾਮਾ? ਹੁਣ 'ਆਪ' ਵਾਲੇ ਝੂਠੀਆਂ ਕਹਾਣੀਆਂ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ 'ਆਪ' ਦੀ ਲੀਡਰਸ਼ਿਪ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੀ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਦੀ ਵਰਤੋਂ ਕਰ ਕੇ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਉਣਾ ਸਿਰਫ਼ ਸਸਤੀ ਸ਼ੋਹਰਤ ਪਾਉਣ ਦਾ ਘਟੀਆ ਤਰੀਕਾ ਹੈ। ਸੱਚ ਤਾਂ ਇਹ ਹੈ ਕਿ ਹੁਣ ਤੁਹਾਡੇ ਝੂਠ ਵਿਕਣੇ ਬੰਦ ਹੋ ਗਏ ਹਨ, ਇਸੇ ਲਈ ਅਜਿਹੇ ਡਰਾਮੇ ਰਚੇ ਜਾ ਰਹੇ ਹਨ। ਜਨਤਾ ਸਭ ਜਾਣਦੀ ਹੈ।