ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਦੋਸ਼ ਲਾਇਆ ਕਿ ਭਾਜਪਾ ਹੋਰ ਰਾਜਾਂ ਵਾਂਗ ਪੰਜਾਬ ਵਿੱਚ ਵੀ ਡਰ ਅਤੇ ਦਬਾਅ ਦੀ ਰਾਜਨੀਤੀ ਕਰਨਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਇਸਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਈਡੀ ਦੀਆਂ ਰੇਡਾਂ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਡਰਨ ਵਾਲੇ ਨਹੀਂ ਹਨ, ਸਗੋਂ ਉਨ੍ਹਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ।

ਪੰਜਾਬੀ ਜਾਗਰਣ ਰਿਪੋਰਟਰ, ਹੁਸ਼ਿਆਰਪੁਰ : ਆਮ ਆਦਮੀ ਪਾਰਟੀ ਦੇ ਆਗੂਆਂ, ਖ਼ਾਸ ਕਰਕੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਵੱਲੋਂ ਕੀਤੀ ਗਈ ਕਥਿਤ ਕਾਰਵਾਈ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੁਸ਼ਿਆਰਪੁਰ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਦੀ ਅਗਵਾਈ ਹੇਠ ਸਥਾਨਕ ਸ਼ਾਸਤਰੀ ਮਾਰਕੀਟ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਆਪ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਈਡੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ।
ਪ੍ਰਦਰਸ਼ਨ ਵਿੱਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਉੜਮੁੜ ਹਲਕੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਦਸੂਹਾ ਹਲਕੇ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਸਪਾਲ ਚੇਚੀ, ਸਟੇਟ ਸਕੱਤਰ ਅਤੇ ਦੋਆਬਾ ਜੋਨ ਇੰਚਾਰਜ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ ਲੋਕ ਸਭਾ ਇੰਚਾਰਜ ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਗੁਰਧਿਆਨ ਸਿੰਘ ਮੁਲਤਾਨੀ, ਕੰਚਨ ਦਿਓਲ, ਕੁਲਵਿੰਦਰ ਸਿੰਘ ਹੁੰਦਲ ਅਤੇ ਮਾਰਕੀਟ ਕਮੇਟੀ ਗੜ੍ਹਦੀਵਾਲਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਮੌਜੂਦ ਰਹੇ।
'ਆਪ' ਸਰਕਾਰ ਦੀ ਲੋਕਪ੍ਰਿਯਤਾ ਤੋਂ ਘਬਰਾਈ ਹੋਈ ਹੈ ਭਾਜਪਾ : ਬ੍ਰਹਮ ਸ਼ੰਕਰ ਜਿੰਪਾ
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਦੋਸ਼ ਲਾਇਆ ਕਿ ਦੇਸ਼ ਵਿੱਚ ਆਮ ਆਦਮੀ ਪਾਰਟੀ ਦੇ ਉਭਾਰ ਤੋਂ ਬਾਅਦ ਸਭ ਤੋਂ ਵੱਧ ਘਬਰਾਹਟ ਭਾਜਪਾ ਵਿੱਚ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਲਗਾਤਾਰ ਤਿੰਨ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਕੇ ਪਾਰਟੀ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਸਥਿਰ ਕਰਨ ਲਈ ਹਥਕੰਡੇ ਅਪਣਾਏ ਜਾ ਰਹੇ ਹਨ। ਜਿੰਪਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਵਿਰੁੱਧ ਕੀਤੀ ਗਈ ਕਥਿਤ ਈਡੀ ਕਾਰਵਾਈ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਨੇ ਭਾਜਪਾ ਵਿੱਚ ਘਬਰਾਹਟ ਪੈਦਾ ਕਰ ਦਿੱਤੀ ਹੈ। ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਮੁਫ਼ਤ ਦਵਾਈਆਂ, ਟੋਲ ਪਲਾਜ਼ੇ ਬੰਦ ਕਰਨ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ 'ਤੇ ਵਧਿਆ ਹੈ।
ਜਿੰਪਾ ਨੇ ਸਵਾਲ ਉਠਾਇਆ ਕਿ ਈਡੀ ਸਿਰਫ਼ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਹੀ ਕਿਉਂ ਵਰਤੀ ਜਾਂਦੀ ਹੈ ਅਤੇ ਹੋਰ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੁੰਦੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਦਰਸਾਉਂਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਡੇਗਣ ਲਈ “ਆਪ੍ਰੇਸ਼ਨ ਲੋਟਸ” ਵਰਗੇ ਹਥਕੰਡੇ ਵਰਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੇ ਨਾਲ ਖੜੀ ਹੈ ਅਤੇ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੀ ਹੈ।
ਪੰਜਾਬ ਦੇ ਲੋਕ ਧੱਕੇਸ਼ਾਹੀ ਤੋਂ ਡਰਨ ਵਾਲੇ ਨਹੀਂ : ਜਸਵੀਰ ਸਿੰਘ ਰਾਜਾ ਗਿੱਲ
ਉੜਮੁੜ ਹਲਕੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੋਸ਼ ਲਾਇਆ ਕਿ ਦੇਸ਼ ਵਿੱਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਏਜੰਸੀਆਂ ਦਾ ਖੁੱਲ੍ਹਾ ਦੁਰਪਯੋਗ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜਿੰਨਾ ਦਬਾਇਆ ਜਾਵੇਗਾ, ਉਹ ਓਨਾ ਹੀ ਮਜ਼ਬੂਤੀ ਨਾਲ ਸਾਹਮਣੇ ਆਉਣਗੇ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਦੇ। ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ 'ਤੇ ਜ਼ੁਲਮ ਹੋਇਆ ਹੈ, ਪੰਜਾਬੀਆਂ ਨੇ ਇਕੱਠੇ ਹੋ ਕੇ ਉਸ ਦਾ ਡਟ ਕੇ ਮੁਕਾਬਲਾ ਕੀਤਾ ਹੈ।
ਰਾਜਾ ਗਿੱਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਏਜੰਸੀਆਂ ਰਾਹੀਂ ਡਰ ਦਾ ਮਾਹੌਲ ਪੈਦਾ ਕਰਕੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ, ਪਰ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਨਾਲ ਲੋਕਾਂ ਦੇ ਦਿਲ ਨਹੀਂ ਜਿੱਤੇ ਜਾ ਸਕਦੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਲਈ ਬੇਮਿਸਾਲ ਕੰਮ ਕੀਤੇ ਹਨ। ਪੰਜਾਬ ਵਿੱਚ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ ਅਤੇ ਹੋਰ ਵੀ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਈਡੀ ਦੀਆਂ ਰੇਡਾਂ ਨਾਲ ਡਰਨ ਵਾਲੇ ਨਹੀਂ ਆਪ ਵਰਕਰ : ਕਰਮਜੀਤ ਕੌਰ
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਦੋਸ਼ ਲਾਇਆ ਕਿ ਭਾਜਪਾ ਹੋਰ ਰਾਜਾਂ ਵਾਂਗ ਪੰਜਾਬ ਵਿੱਚ ਵੀ ਡਰ ਅਤੇ ਦਬਾਅ ਦੀ ਰਾਜਨੀਤੀ ਕਰਨਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਇਸਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ।
ਉਨ੍ਹਾਂ ਕਿਹਾ ਕਿ ਈਡੀ ਦੀਆਂ ਰੇਡਾਂ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਡਰਨ ਵਾਲੇ ਨਹੀਂ ਹਨ, ਸਗੋਂ ਉਨ੍ਹਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ।
ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਵਿੱਚ ਧੱਕੇਸ਼ਾਹੀ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਆਇਆ ਹੈ ਅਤੇ ਅੱਗੇ ਵੀ ਲੋਕਤੰਤਰ ਦੀ ਰੱਖਿਆ ਲਈ ਲੜਾਈ ਜਾਰੀ ਰਹੇਗੀ।
ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਗਟ
ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਈਡੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਲੋਕਾਂ ਨੂੰ ਇਕੱਠਾ ਕੀਤਾ ਜਾਵੇਗਾ ਅਤੇ ਲੋਕਤੰਤਰ ਦੀ ਰੱਖਿਆ ਲਈ ਇਹ ਲੜਾਈ ਜਾਰੀ ਰਹੇਗੀ।