- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹੀ ਜਾਣਕਾਰੀ, ਸਮੇਂ ਸਿਰ ਜਾਂਚ ਅਤੇ ਇਲਾਜ ਕੈਂਸਰ ਤੋਂ ਬਚਾਅ ਦਾ ਵੱਡਾ ਸਾਧਨ: ਸਿਵਲ ਸਰਜਨ ਡਾ. ਰਾਜੇਸ਼ ਗਰਗ

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਮੈਡੀਕਲ ਸੁਪਰਡੰਟ ਡਾ. ਨਮਿਤਾ ਘਈ ਨੇ ਸਿਵਲ ਹਸਪਤਾਲ ਜਲੰਧਰ ਵਿਖੇ ਚੱਲ ਰਹੇ ਡੇਅ ਕੇਅਰ ਕੈਂਸਰ ਸੈਂਟਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਕੈਂਸਰ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨਾਲ ਮਰੀਜ਼ਾਂ ਦੇ ਠੀਕ ਹੋਣ ਦੀਆਂ ਸੰਭਾਵਨਾਵਾਂ ਵਧ ਜਾਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਨਿਯਮਿਤ ਜਾਂਚ ਕਰਵਾਉਣ ਅਤੇ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ। ਅਧਿਕਾਰੀਆਂ ਅਨੁਸਾਰ ਜੁਲਾਈ 2025 ਵਿੱਚ ਸ਼ੁਰੂ ਹੋਏ ਇਸ ਸੈਂਟਰ ਵਿੱਚ ਹੁਣ ਤੱਕ 1,241 ਕੀਮੋਥੈਰੇਪੀ ਸਾਈਕਲ ਦਿੱਤੇ ਜਾ ਚੁੱਕੇ ਹਨ, ਜਦਕਿ ਇਕੱਲੇ ਅਕਤੂਬਰ ਮਹੀਨੇ ਵਿੱਚ 151 ਸਾਈਕਲ ਕੀਤੇ ਗਏ। ਸੈਂਟਰ ਵਿੱਚ ਡਾਇਗਨੋਸਟਿਕ ਅਤੇ ਪੈਲੀਏਟਿਵ ਸੇਵਾਵਾਂ ਵੀ ਉਪਲਬਧ ਹਨ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ, ਬਸਤੀ ਬਾਵਾ ਖੇਲ ਵਿਖੇ ਆਰ.ਬੀ.ਐੱਸ.ਕੇ. ਟੀਮ ਵੱਲੋਂ ਕੈਂਸਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਡਾ. ਦੇਵ, ਡਾ. ਮੋਨਿਕਾ ਅਤੇ ਫਾਰਮਾਸਿਸਟ ਕਾਮਨਾ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਪ੍ਰਭਸ਼ਰਨ, ਡਾ. ਸੁਰਜੀਤ ਸਿੰਘ, ਡਾ. ਪ੍ਰਿਆ ਕੌਸ਼ਲ, ਡਾ. ਵਰਿੰਦਰ ਕੌਰ ਥਿੰਦ, ਡਾ. ਹਰਵੀਨ ਸਮੇਤ ਸਿਹਤ ਵਿਭਾਗ ਦਾ ਸਟਾਫ਼ ਤੇ ਸਕੂਲ ਪ੍ਰਿੰਸੀਪਲ ਪ੍ਰਭਜੋਤ ਕੌਰ ਤੇ ਅਧਿਆਪਕ ਵੀ ਮੌਜੂਦ ਸਨ।