- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸ਼ੈਲੀ, ਪਜਾਬੀ ਜਾਗਰਣ, ਜਲੰਧਰ
ਸੂਬੇ ’ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 24 ਸਤੰਬਰ ਤੋਂ 4 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਨੇ ਅੱਜ ਇਕ ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਖੇਡਾਂ ਮੁਕਾਬਲਿਆਂ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਤੇ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ 24 ਤੋਂ 26 ਸਤੰਬਰ ਤੱਕ ਐਥਲੈਟਿਕਸ, ਤੈਰਾਕੀ, ਕਬੱਡੀ ਸਰਕਲ, ਖੋ-ਖੋ, ਸ਼ਤਰੰਜ, ਪਾਵਰ ਲਿਫਟਿੰਗ, ਸ਼ੂਟਿੰਗ, ਰੈਸਲਿੰਗ, ਰੋਲਰ ਸਕੇਟਿੰਗ, ਫੈਂਸਿੰਗ, ਜੂਡੋ ਤੇ ਹਾਕੀ (ਲੜਕੇ) ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ 27 ਤੋਂ 30 ਸਤੱਬਰ ਤੱਕ ਬੈਡਮਿੰਟਨ ਤੇ 28 ਤੋਂ 30 ਸਤੰਬਰ ਤੱਕ ਹੈਂਡਬਾਲ, ਵੇਟ ਲਿਫਟਿੰਗ, ਗਤਕਾ, ਆਰਚਰੀ, ਕਿੱਕ ਬਾਕਸਿੰਗ, ਨੈਟਬਾਲ ਤੇ ਟੇਬਲ ਟੈਨਿਸ ਦੇ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ 2 ਅਕਤੂਬਰ ਤੋਂ 4 ਅਕਤੂਬਰ ਤੱਕ ਬਾਕਸਿੰਗ, ਸਾਫਟਬਾਲ, ਫੁੱਟਬਾਲ. ਕਬੱਡੀ ਨੈਸ਼ਨਲ, ਬਾਸਕਟਬਾਲ, ਹਾਕੀ, ਟੈਨਿਸ ਕ੍ਰਿਕਟ, ਲਾਅਨ ਟੈਨਿਸ ਤੇ ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਰੇਕ ਖੇਡ ਮੈਦਾਨ ’ਚ ਖਿਡਾਰੀਆਂ ਲਈ ਲੋੜੀਂਦੀਆਂ ਸਹੂਲਤਾਂ, ਪੀਣ ਵਾਲਾ ਪਾਣੀ, ਸਾਫ਼-ਸਫ਼ਾਈ, ਮੈਡੀਕਲ ਸਹਾਇਤਾ, ਸੁਰੱਖਿਆ ਤੇ ਰਿਫਰੈਸ਼ਮੈਂਟ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।