ਏਡੀਸੀ ਨੇ ਪਲਸ ਪੋਲੀਓ ਮੁਹਿੰਮ ਦਾ ਲਿਆ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ ਨੇ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Publish Date: Wed, 24 Jun 2026 07:48 PM (IST)
Updated Date: Wed, 24 Jun 2026 07:49 PM (IST)

-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ 28 ਤੋਂ ਪਿਲਾਈਆਂ ਜਾਣਗੀਆਂ ਬੂੰਦਾਂ ਕਾਨੂੰਨ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ.ਪੀ. ਨੇ ਬੁੱਧਵਾਰ 28 ਜੂਨ ਤੋਂ ਸ਼ੁਰੂ ਹੋਣ ਵਾਲੀ ਤਿੰਨ ਦਿਨਾ ਇਮਊਨਾਈਜ਼ੇਸ਼ਨ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਅਧੀਨ ਹਰੇਕ ਬੱਚੇ ਨੂੰ ਕਵਰ ਕਰਨ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਸਮੇਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਸਟਾਫ਼ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਨਮ ਤੋਂ ਲੈ ਕੇ 5 ਸਾਲ ਦੀ ਉਮਰ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਖੁਰਾਕ ਤੋਂ ਵਾਂਝਾ ਨਾ ਰਹੇ। ਹਾਈ ਰਿਸਕ ਖੇਤਰਾਂ, ਸਲੱਮ ਏਰੀਆ, ਝੁੱਗੀਆਂ ਝੌਪੜੀਆਂ, ਇੰਡਸਟ੍ਰੀਅਲ ਏਰੀਆ, ਇੱਟਾਂ ਦੇ ਭੱਠੇ ਆਦਿ ਥਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ 5 ਸਾਲ ਦੀ ਉਮਰ ਤੱਕ ਦੇ ਹਰ ਬੱਚੇ ਨੂੰ ਇਸ ਰਾਊਂਡ ਤਹਿਤ ਕਵਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋਕ 28 ਜੂਨ ਨੂੰ ਆਪਣੇ ਨੇੜੇ ਦੇ ਬੂਥ ਤੇ ਜਾ ਕੇ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾ ਪਿਲਾ ਸਕਦੇ ਹਨ। ਜੇ ਕਿਸੇ ਕਾਰਨ ਕੋਈ ਬੱਚਾ ਬੂੰਦਾਂ ਪੀਣ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ ਉਨ੍ਹਾਂ ਨੂੰ 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਸਿਵਲ ਸਰਜਨ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ’ਚ ਪੋਲੀਓ ਮੁਹਿੰਮ 28, 29 ਅਤੇ 30 ਜੂਨ ਲਈ ਕੁੱਲ 2203 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ’ਚ 2107 ਹਾਊਸ-ਟੂ-ਹਾਊਸ ਟੀਮਾਂ, 66 ਮੋਬਾਈਲ ਟੀਮਾਂ ਅਤੇ 30 ਟ੍ਰਾਂਜਿਟ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰ ਦੇ 5,41,258 ਘਰਾਂ ਨੂੰ ਕਵਰ ਕਰਦੇ ਹੋਏ 0 ਤੋਂ 5 ਸਾਲ ਤੱਕ ਦੀ ਉਮਰ ਦੇ 1,96,657 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਪੋਲੀਓ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਸ਼ਹਿਰੀ ਅਤੇ ਪੇਂਡੂ ਖੇਤਰ ਦੇ 715 ਹਾਈ ਰਿਸਕ ਖੇਤਰ ਵੀ ਕਵਰ ਕੀਤੇ ਜਾਣਗੇ। ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ 267 ਸੁਪਰਵਾਈਜ਼ਰ ਵੀ ਤਾਇਨਾਤ ਕੀਤੇ ਗਏ ਹਨ। ਮੀਟਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।