- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
20 ਲੱਖ ਤੋਂ ਵੱਧ ਸ਼ਰਧਾਲੂ, ਸੋਢਲ ਮੇਲੇ ਲਈ ਪ੍ਰਸ਼ਾਸਨ ਨੇ ਕੱਸਿਆ ਕਮਰਕੱਸਾ!

-ਡੀਸੀ ਤੇ ਪੁਲਿਸ ਕਮਿਸ਼ਨਰ ਨੇ ਬਾਬਾ ਸੋਢਲ ਮੰਦਰ ਹੋਏ ਨਤਮਸਤਕ
-ਸੁਰੱਖਿਆ, ਟ੍ਰੈਫਿਕ, ਪਾਰਕਿੰਗ ਤੇ ਸਿਹਤ ਸਹੂਲਤਾਂ ਤੱਕ ਦੇ ਹੋਣਗੇ ਪੁਖ਼ਤਾ ਪ੍ਰਬੰਧ : ਡੀਸੀ
ਲਖਬੀਰ, ਪੰਜਾਬੀ ਜਾਗਰਣ, ਜਲੰਧਰ : 25 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਇਤਿਹਾਸਕ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੇਲੇ ਦੌਰਾਨ 20 ਲੱਖ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਦੀ ਉਮੀਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੋਵਾਂ ਅਧਿਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਮੰਦਰ ਕੰਪਲੈਕਸ ਦਾ ਦੌਰਾ ਕਰਕੇ ਮੇਲੇ ਦੌਰਾਨ ਸ਼ਰਧਾਲੂਆਂ ਦੀ ਆਮਦ, ਸੁਰੱਖਿਆ ਅਤੇ ਆਵਾਜਾਈ ਨਾਲ ਸਬੰਧਤ ਤਿਆਰੀਆਂ ਦੀ ਸਮੀਖਿਆ ਕੀਤੀ।
---
20 ਲੱਖ ਸ਼ਰਧਾਲੂਆਂ ਲਈ ਸੁਰੱਖਿਆ ਦਾ ਵੱਡਾ ਇਮਤਿਹਾਨ
ਭਾਰੀ ਇਕੱਠ ਨੂੰ ਦੇਖਦਿਆਂ ਧਾਰਮਿਕ ਅਸਥਾਨ ਅਤੇ ਆਲੇ-ਦੁਆਲੇ ਦੇ ਅਹਿਮ ਸਥਾਨਾਂ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਭੀੜ ਨੂੰ ਕੰਟਰੋਲ ਕਰਨ, ਸ਼ਰਧਾਲੂਆਂ ਦੀ ਸੁਰੱਖਿਅਤ ਆਵਾਜਾਈ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵਿਚਕਾਰ ਤੁਰੰਤ ਤਾਲਮੇਲ ਲਈ ਮੰਦਰ ਕੰਪਲੈਕਸ ਵਿੱਚ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ।
---
ਟ੍ਰੈਫਿਕ ਤੇ ਪਾਰਕਿੰਗ ’ਤੇ ਰਹੇਗੀ ਖਾਸ ਨਜ਼ਰ
ਮੇਲੇ ਦੌਰਾਨ ਸ਼ਹਿਰ ਵਿੱਚ ਵਧਣ ਵਾਲੀ ਆਵਾਜਾਈ ਨੂੰ ਦੇਖਦਿਆਂ ਵਾਹਨਾਂ ਲਈ ਡਾਈਵਰਜਨ, ਪਾਰਕਿੰਗ ਅਤੇ ਭੀੜ ਪ੍ਰਬੰਧਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਅਧਿਕਾਰੀਆਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਯਕੀਨੀ ਬਣਾਉਣ।
---
ਸਫਾਈ ਤੋਂ ਲੈ ਕੇ ਪਾਣੀ ਦੇ ਛਿੜਕਾਅ ਦਾ ਪ੍ਰਬੰਧ
ਮੰਦਰ ਦੇ ਅੰਦਰ ਅਤੇ ਆਲੇ-ਦੁਆਲੇ ਸਫਾਈ ਵਿਵਸਥਾ ਨੂੰ ਲੈ ਕੇ ਵੀ ਅਧਿਕਾਰੀਆਂ ਨੇ ਹਦਾਇਤਾਂ ਜਾਰੀ ਕੀਤੀਆਂ। ਨਗਰ ਨਿਗਮ ਨੂੰ ਮੰਦਰ ਵੱਲ ਜਾਣ ਵਾਲੀਆਂ ਸੜਕਾਂ ’ਤੇ ਸਫਾਈ, ਪਾਣੀ ਦਾ ਛਿੜਕਾਅ ਅਤੇ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
---
ਮੈਡੀਕਲ ਐਮਰਜੈਂਸੀ ਲਈ ਤਿਆਰ ਸਿਹਤ ਵਿਭਾਗ
ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਸਿਹਤ ਵਿਭਾਗ ਨੂੰ ਵੀ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਲੋੜੀਂਦੀਆਂ ਦਵਾਈਆਂ ਅਤੇ ਐਂਬੂਲੈਂਸਾਂ ਨਾਲ ਲੈਸ ਮੈਡੀਕਲ ਟੀਮਾਂ ਨੂੰ ਢੁੱਕਵੀਆਂ ਥਾਵਾਂ ’ਤੇ ਤਾਇਨਾਤ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਡਾਕਟਰੀ ਐਮਰਜੈਂਸੀ ਵਿੱਚ ਸ਼ਰਧਾਲੂਆਂ ਨੂੰ ਤੁਰੰਤ ਸਹਾਇਤਾ ਮਿਲ ਸਕੇ। ਡੀ.ਸੀ. ਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਸੁਚਾਰੂ ਮਾਹੌਲ ਮਿਲ ਸਕੇ। ਇਸ ਮੌਕੇ ਮੰਦਰ ਟਰੱਸਟ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਬਾਬਾ ਸੋਢਲ ਮੰਦਰ ਅਤੇ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਦਾ ਸਨਮਾਨ ਵੀ ਕੀਤਾ ਗਿਆ।