ਜਤਿੰਦਰ ਪੰਮੀ, ਜਲੰਧਰ : ਵਿਸ਼ਵ ਭਰ 'ਚ ਕੋਵਿਡ-19 ਸਬੰਧੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਨੇ ਸਿਹਤ ਟੀਮਾਂ ਨੂੰ ਹਦਾਇਤਾਂ ਕੀਤੀਆਂ ਕਿ ਕੋਵਿਡ-19 ਦੇ ਘੱਟ ਰਹੇ ਕੇਸਾਂ ਕਰ ਕੇ ਅਵੇਸਲੇ ਨਾ ਹੋਣ ਅਤੇ ਜ਼ਿਲ੍ਹੇ ਵਿਚ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਟੈਸਟਾਂ ਨੂੰ ਜਾਰੀ ਰੱਖਿਆ ਜਾਵੇ। ਸਿਹਤ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਅਤੇ ਕੋਵਿਡ-19 ਸਬੰਧੀ ਨਮੂਨੇ ਲੈਣ ਵਾਲੀਆਂ ਟੀਮਾਂ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਸੈਂਪਲ ਲੈਣ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਰੋਜ਼ਾਨਾ ਜਾਂਚ ਕੀਤੀ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਸੂਬੇ 'ਚ ਹੁਣ ਕੋਵਿਡ-19 ਦੇ ਕੇਸਾਂ ਦੀ ਗਿਣਤੀ ਘੱਟ ਰਹੀ ਹੈ, ਇਸ ਲਈ ਸਾਨੂੰ ਇਸ ਪ੍ਰਤੀ ਅਵੇਸਲੇ ਨਹੀਂ ਹੋਣਾ ਚਾਹੀਦਾ ਕਿਉਂਕਿ ਦੁਨੀਆਂ ਦੇ ਕਈ ਮੁਲਕਾਂ ਵਿੱਚ ਕੋਵਿਡ-19 ਦੇ ਵਾਇਰਸ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਟੈਸਟ ਕਰਵਾਉਣ ਲਈ ਅੱਗੇ ਆਉਣ ਤਾਂ ਕਿ ਜ਼ਿਲ੍ਹੇ ਵਿੱਚ ਕੋਵਿਡ-19 ਦੇ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਅਤੇ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਮਰੀਜ਼ਾਂ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਇਰਸ ਨੂੰ ਫੈਲਣ ਤੋਂ ਰੋਕਣ ਦਾ ਇਕੋ-ਇਕ ਰਾਹ ਪਾਜ਼ੇਟਿਵ ਮਰੀਜ਼ਾਂ ਨੂੰ ਜਿੰਨੀ ਜਲਦੀ ਹੋ ਸਕੇ ਦੂਜੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਵੇ ਤਾਂ ਜੋ ਹੋਰ ਲੋਕਾਂ ਵਿੱਚ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਸੈਂਪਲ ਲੈਣ ਵਾਲੀਆਂ ਟੀਮਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸਬੰਧਿਤ ਉਪ ਮੰਡਲ ਮੈਜਿਸਟਰੇਟਾਂ ਨੂੰ ਇਨ੍ਹਾਂ ਟੀਮਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।

Posted By: Amita Verma