ਜਤਿੰਦਰ ਪੰਮੀ, ਜਲੰਧਰ : ਝੋਨੇ ਦੀ ਵਾਢੀ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ। ਖੇਤੀ ਵਿਭਾਗ ਇਸ ਕੰਮ ਲਈ ਪੰਜਾਬ ਰੋਡਵੇਜ਼ ਦੀ ਮਦਦ ਵੀ ਲੈ ਰਿਹਾ ਹੈ, ਜਿਸ ਤਹਿਤ ਪੰਜਾਬ ਰੋਡਵੇਜ਼ ਦੀਆਂ ਬੱਸਾਂ ਉੱਪਰ ਪਰਾਲੀ ਸਾੜਨ ਕਾਰਨ ਵਾਤਾਵਰਣ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਮਨੁੱਖੀ ਸਿਹਤ ਅਤੇ ਵਾਤਾਵਰਣ 'ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਬੱਸਾਂ ਨਾ ਕੇਵਲ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਦੇ ਜਾਗਰੂਕ ਕਰਨ ਵਿੱਚ ਬਹੁਤ ਹੀ ਸਹਾਈ ਸਿੱਧ ਹੋਣਗੀਆਂ ਬਲਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਥਾਂ ਤੇ ਪਰਾਲੀ ਦੀ ਰਹਿੰਦ-ਖੂੰਹਦ ਦੀ ਸੰਭਾਲ ਬਾਰੇ ਵੀ ਜਾਣੂੰ ਕਰਵਾਉਣਗੀਆਂ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਅਤਿ-ਆਧੁਨਿਕ ਸੰਦਾਂ 'ਤੇ ਭਾਰੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਇਸਤੇਮਾਲ ਕਰਕੇ ਕਿਸਾਨ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਨਾ ਸਾੜੀ ਜਾਵੇ ਕਿਉਂਕਿ ਇਸ ਨਾਲ ਕਈ ਮਿੱਤਰ ਕੀੜੇ ਵੀ ਮਰ ਜਾਂਦੇ ਹਨ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਵੀ ਅਗਲੇ ਮਹੀਨੇ ਸ਼ੁਰੂ ਹੋ ਰਹੇ ਹਨ, ਜਿਨ੍ਹਾਂ ਵਿਚ ਹਿੱਸਾ ਲੈਣ ਲਈ ਦੇਸ਼ ਭਰ ਤੋਂ ਇਲਾਵਾ ਵਿਦੇਸ਼ਾਂ ਵਿਚੋਂ ਵੱਡੀ ਗਿਣਤੀ ਸੰਗਤ ਸ਼ਿਰਕਤ ਕਰੇਗੀ। ਇਸ ਲਈ ਪਰਾਲੀ ਦੇ ਧੂੰਏਂ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਖੇਤੀਬਾੜੀ ਵਿਭਾਗ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵਿਸ਼ੇਸ਼ ਤੌਰ 'ਤੇ ਜਾਗਰੂਕ ਕਰਨ ਲਈ ਮੁਹਿੰਮ ਵਿੱਢ ਰਹੀ ਹੈ ਤਾਂ ਸ਼ਰਧਾਲੂਆਂ ਨੂੰ ਪ੍ਰਦੂਸ਼ਣ ਵਰਗੀ ਸਮੱਸਿਆ ਨਾਲ ਨਾ ਜੂਝਣਾ ਪਵੇ।