ਅਕਾਲੀ ਦਲ ਭਾਜਪਾ ਨਾਲ ਗੱਠਜੋੜ ਲਈ ਤਰਲੋਮੱਛੀ, ਪੰਜਾਬ ਕਦੇ ਨਹੀਂ ਭੁੱਲੇਗਾ ਕਿਸਾਨਾਂ ਦੀ ਕੁਰਬਾਨੀ: ਭਗਵੰਤ ਮਾਨ ਅਕਾਲੀ ਦਲ ਭਾਜਪਾ ਨਾਲ ਗਠਜੋੜ ਲਈ ਤਰਲੋਮੱਛੀ, ਪੰਜਾਬ ਕਦੇ ਨਹੀਂ ਭੁੱਲੇਗਾ ਕਿਸਾਨਾਂ ਦੀ ਕੁਰਬਾਨੀ: ਭਗਵੰਤ ਮਾਨ
Publish Date: Thu, 27 Aug 2026 10:13 PM (IST)
Updated Date: Thu, 27 Aug 2026 10:16 PM (IST)
---90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ, 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਰਤਾਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਜਪਾ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਭਾਜਪਾ ਨਾਲ ਮੁੜ ਹੱਥ ਮਿਲਾਉਣ ਲਈ ਤਰਲੋਮੱਛੀ ਹੋ ਰਿਹਾ ਹੈ ਪਰ ਕਿਸਾਨ ਅੰਦੋਲਨ ਦੌਰਾਨ ਹੋਈਆਂ ਕਿਸਾਨਾਂ ਦੀਆਂ ਮੌਤਾਂ ਨੂੰ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਤੇ ਨਹਿਰੀ ਪਾਣੀ ਮਿਲ ਰਿਹਾ ਹੈ ਤੇ 70,840 ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੇ ਪੈਸੇ ਨੂੰ ਲੋਕ ਭਲਾਈ ਤੇ ਵਿਕਾਸ ਕਾਰਜਾਂ ’ਤੇ ਖ਼ਰਚ ਕਰਨ ਨੂੰ ਤਰਜੀਹ ਦਿੱਤੀ ਹੈ। ਭਗਵੰਤ ਮਾਨ ਨੇ ਅਕਾਲੀ ਦਲ ’ਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਸਿੱਖਿਆ, ਸਿਹਤ, ਖੇਡਾਂ, ਸੜਕਾਂ ਤੇ ਸਿੰਚਾਈ ਖੇਤਰ ’ਚ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ’ਚ 3,100 ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਲਗਭਗ 45,000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ’ਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਇਸ ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਸਿੱਖਿਆ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਬੇਅਦਬੀ, ਨਸ਼ਿਆਂ ਤੇ ਮਾਫ਼ੀਆ ਦੇ ਮੁੱਦਿਆਂ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਭਾਜਪਾ ਤੇ ਅਕਾਲੀ ਦਲ ਦੇ ਸੰਭਾਵਿਤ ਗਠਜੋੜ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗਠਜੋੜ ਕਿਸੇ ਵਿਚਾਰਧਾਰਾ ਜਾਂ ਲੋਕ ਭਲਾਈ ਦੀ ਬਜਾਏ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਭਾਜਪਾ ਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਕਾਂਗਰਸ ’ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਅੰਦਰੂਨੀ ਖਿੱਚੋਤਾਣ ਦਾ ਸ਼ਿਕਾਰ ਹੈ ਤੇ ਉਸ ਕੋਲ ਪੰਜਾਬ ਲਈ ਕੋਈ ਸਪੱਸ਼ਟ ਏਜੰਡਾ ਨਹੀਂ ਹੈ। ਮੁੱਖ ਮੰਤਰੀ ਨੇ ਸਰਕਾਰ ਵੱਲੋਂ ਇਕ ਨਿੱਜੀ ਥਰਮਲ ਪਾਵਰ ਪਲਾਂਟ 1,080 ਕਰੋੜ ਰੁਪਏ ’ਚ ਖਰੀਦਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਜੀਵੀਕੇ ਥਰਮਲ ਪਾਵਰ ਪਲਾਂਟ ਦੇ ਨਾਂ ਨਾਲ ਜਾਣੇ ਜਾਂਦੇ ਇਸ ਪਲਾਂਟ ਦਾ ਨਾਂ ਬਦਲ ਕੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਤਹਿਤ ਯੋਗ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤੇ ਰੱਖੜੀ ਦੇ ਤਿਉਹਾਰ ਮੌਕੇ ਲਾਭਪਾਤਰੀਆਂ ਦੇ ਖਾਤਿਆਂ ’ਚ ਕਿਸ਼ਤ ਪਹੁੰਚਾਈ ਜਾਵੇਗੀ। ਉਨ੍ਹਾਂ ਪਿੰਡ ਕਾਹਲਵਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਦੇਣ ਦੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਮੁੱਖ ਸਕੱਤਰ ਕੇਏਪੀ ਸਿਨਹਾ ਤੇ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ ।