- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਤੇ ਨਸ਼ਿਆਂ ਦੇ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਗੱਠਜੋੜ ਟੁੱਟਿਆ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਕਾਂਗਰਸੀ ਆਗੂ ਤੇ ਪੰਜਾਬ ਬ੍ਰਾਹਮਣ ਵੈਲਫੇਅਰ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਅਕਾਲੀ ਦਲ ਤੇ ਭਾਜਪਾ ਵਿਚਾਲੇ ਮੁੜ ਹੋਏ ਗੱਠਜੋੜ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਕੀਤਾ ਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਪਹਿਲਾਂ ਗੱਠਜੋੜ ਤੋੜਿਆ ਗਿਆ ਸੀ, ਕੀ ਉਹ ਸਾਰੇ ਮੁੱਦੇ ਹੁਣ ਖ਼ਤਮ ਹੋ ਗਏ ਹਨ? ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ਕਾਰਨ ਪੈਦਾ ਹੋਏ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਕੀ ਅਕਾਲੀ ਦਲ ਭੁੱਲ ਗਿਆ ਹੈ? ਉਨ੍ਹਾਂ ਨੇ ਕਿਹਾ ਕਿ ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਲਈ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਹੁਣ ਉਹੀ ਭਾਜਪਾ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦੇ ਨਾਂ ’ਤੇ ਮੁਹਿੰਮ ਚਲਾ ਰਹੀ ਹੈ। ਭਾਜਪਾ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ’ਚ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਸਰਹੱਦ ਪਾਰੋਂ ਆਉਂਦੀਆਂ ਹਨ ਤੇ ਕੌਮਾਂਤਰੀ ਸਰਹੱਦ ਨਾਲ ਲੱਗਦੇ 50 ਕਿੱਲੋਮੀਟਰ ਦੇ ਖੇਤਰ ’ਚ ਸੁਰੱਖਿਆ ਤੇ ਨਿਗਰਾਨੀ ਦੀ ਅਹਿਮ ਜ਼ਿੰਮੇਵਾਰੀ ਕੇਂਦਰ ਸਰਕਾਰ ਅਧੀਨ ਏਜੰਸੀਆਂ ਦੀ ਹੈ। ਅਜਿਹੇ ’ਚ ਭਾਜਪਾ ਆਪਣੀ ਜ਼ਿੰਮੇਵਾਰੀ ਤੋਂ ਕਿਵੇਂ ਬਚ ਸਕਦੀ ਹੈ? ਉਨ੍ਹਾਂ ਕਿਹਾ ਕਿ ਅਸਲ ’ਚ ਇਹ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਨਹੀਂ, ਸਗੋਂ ਸਿਆਸੀ ਫਾਇਦੇ ਤੇ ਸੱਤਾ ਦੀ ਲਾਲਸਾ ਵਿੱਚ ਕੀਤਾ ਗਿਆ ਸਮਝੌਤਾ ਹੈ।