ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਜਾਰੀ : ਦਾਹੀਆ
ਅਵਤਾਰ ਰਾਣਾ, ਪੰਜਾਬੀ ਜਾਗਰਣ,
Publish Date: Sat, 09 May 2026 10:02 PM (IST)
Updated Date: Sat, 09 May 2026 10:02 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ “ਸੰਗਠਨ ਸਿਰਜਣ ਮੁਹਿੰਮ” ਤਹਿਤ ਅੱਜ ਕਾਂਗਰਸ ਭਵਨ, ਚੰਡੀਗੜ੍ਹ ’ਚ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਭਰ ਤੋਂ ਸੀਨੀਅਰ ਕਾਂਗਰਸੀ ਆਗੂਆਂ, ਅਹੁਦੇਦਾਰਾਂ ਤੇ ਹਲਕਾ ਇੰਚਾਰਜਾਂ ਨੇ ਸ਼ਮੂਲੀਅਤ ਕਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ, ਵਰਕਰਾਂ ਨੂੰ ਇਕਜੁੱਟ ਕਰਨ ਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਲਈ ਤਿਆਰੀ ਕਰਨ ’ਤੇ ਖਾਸ ਜ਼ੋਰ ਦਿੱਤਾ ਗਿਆ। ਇਸ ਮੌਕੇ ਡਾ. ਨਵਜੋਤ ਸਿੰਘ ਦਹੀਆ, ਹਲਕਾ ਇੰਚਾਰਜ ਕਾਂਗਰਸ ਨਕੋਦਰ ਨੇ ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਦਿਆਂ ਨਕੋਦਰ ਹਲਕੇ ਵਿੱਚ “ਸੰਗਠਨ ਸਿਰਜਣ ਅਭਿਆਨ” ਤਹਿਤ ਚੱਲ ਰਹੀਆਂ ਸੰਗਠਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਨਕੋਦਰ ’ਚ ਬੂਥ ਤੇ ਵਾਰਡ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ, ਵਰਕਰ ਸੰਪਰਕ ਮੁਹਿੰਮਾਂ ਅਤੇ ਲੋਕ-ਮੁੱਦਿਆਂ ’ਤੇ ਆਧਾਰਿਤ ਪ੍ਰੋਗਰਾਮ ਕੀਤੇ ਜਾ ਰਹੇ ਹਨ। ਡਾ. ਦਹੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕਾਂ ਦਾ ਰੁਝਾਨ ਵੀ ਮੁੜ ਕਾਂਗਰਸ ਵੱਲ ਵਧ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਪਾਰਟੀ ਨੂੰ ਹੋਰ ਮਜ਼ਬੂਤੀ ਦੇਣੀ ਹੈ ਤਾਂ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਨਿਰੰਤਰ ਸੰਪਰਕ ਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਸਰਗਰਮ ਬਣਾਉਣਾ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਸਥਾਨਕ ਸੰਗਠਨਾਤਮਕ ਮਸਲਿਆਂ, ਵਰਕਰਾਂ ਦੀ ਭੂਮਿਕਾ, ਨੌਜਵਾਨਾਂ ਅਤੇ ਨਵੇਂ ਚਿਹਰਿਆਂ ਨੂੰ ਪਾਰਟੀ ਨਾਲ ਜੋੜਨ ਅਤੇ ਬੂਥ ਮੈਨੇਜਮੈਂਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬਣਾਈਆਂ ਜਾ ਰਹੀਆਂ ਰਣਨੀਤੀਆਂ ’ਤੇ ਵੀ ਗੰਭੀਰ ਚਰਚਾ ਹੋਈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਪੰਜਾਬ ਵਿੱਚ ਹੋਰ ਮਜ਼ਬੂਤੀ ਨਾਲ ਉਭਰੇਗੀ ਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੀ ਰਹੇਗੀ।
ਉਨ੍ਹਾਂ ਕਿਹਾ ਕਿ “ਸੰਗਠਨ ਸਿਰਜਣ ਅਭਿਆਨ” ਸਿਰਫ਼ ਇਕ ਰਾਜਨੀਤਿਕ ਮੁਹਿੰਮ ਨਹੀਂ, ਸਗੋਂ ਪਾਰਟੀ ਨੂੰ ਨਵੇਂ ਢੰਗ ਨਾਲ ਲੋਕਾਂ ਨਾਲ ਜੋੜਨ ਅਤੇ ਵਰਕਰਾਂ ਨੂੰ ਨਵੀਂ ਦਿਸ਼ਾ ਦੇਣ ਦਾ ਇੱਕ ਮਹੱਤਵਪੂਰਨ ਯਤਨ ਹੈ। ਕਾਂਗਰਸ ਪਾਰਟੀ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣ ਕੇ ਲੋਕ-ਹਿੱਤਾਂ ਲਈ ਸੰਘਰਸ਼ ਕਰਦੀ ਰਹੇਗੀ।