- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼ ਜੰਗ ਨੂੰ ਪਿੰਡ-ਵਾਰਡ ਪੱਧਰ ਤੱਕ ਪਹੁੰਚਾਉਣ ਦੀਆਂ ਤਿਆਰੀਆਂ ਤੇਜ਼

* ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸਮੀਖਿਆ ਮੀਟਿੰਗ
* ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ’ਤੇ ਵਿਚਾਰ-ਵਟਾਂਦਰਾ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ
ਫਿਲੌਰ : ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧੀ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਐਕਸ਼ਨ ਟੇਕਿੰਗ ਰੀਵਿਊ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਮੁਹਿੰਮ ਨੂੰ ਪਿੰਡਾਂ ਤੇ ਵਾਰਡਾਂ ਤੱਕ ਲਿਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤੇ ਮੁਹਿੰਮ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦਾ ਮੁੱਖ ਮਕਸਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਿਰਫ਼ ਸਰਕਾਰੀ ਪੱਧਰ ਤੱਕ ਸੀਮਤ ਨਾ ਰੱਖ ਕੇ ਪਿੰਡ ਤੇ ਵਾਰਡ ਪੱਧਰ ’ਤੇ ਲੋਕ ਲਹਿਰ ਦਾ ਰੂਪ ਦੇਣਾ ਰਿਹਾ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜਾਗਰੂਕਤਾ ਪ੍ਰੋਗਰਾਮ ਸਥਾਨਕ ਲੋੜਾਂ ਅਨੁਸਾਰ ਯੋਜਨਾਬੱਧ ਢੰਗ ਨਾਲ ਕਰਵਾਏ ਜਾਣ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਨਾਲ ਜੋੜਿਆ ਜਾ ਸਕੇ। ਜ਼ੋਨ ਤੇ ਜ਼ਿਲ੍ਹਾ ਕੋ-ਆਰਡੀਨੇਟਰਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਟ੍ਰੇਨਿੰਗ ਮੀਟਿੰਗ ’ਚ ਪਿੰਡਾਂ ਤੇ ਵਾਰਡਾਂ ’ਚ ਜਾਗਰੂਕਤਾ ਮੀਟਿੰਗਾਂ ਕਰਵਾਉਣ ਲਈ ਟ੍ਰੇਨਿੰਗ ਪ੍ਰੋਗਰਾਮ ਤਿਆਰ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਟ੍ਰੇਨਿੰਗ ਰਾਹੀਂ ਸਬੰਧਤ ਅਧਿਕਾਰੀਆਂ ਤੇ ਵਰਕਰਾਂ ਨੂੰ ਜਾਗਰੂਕਤਾ ਮੀਟਿੰਗਾਂ ਦੇ ਪ੍ਰਬੰਧ, ਲੋਕਾਂ ਨਾਲ ਸੰਵਾਦ ਤੇ ਮੁਹਿੰਮ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ੋਨ ਕੋ-ਆਰਡੀਨੇਟਰਾਂ ਤੇ ਜ਼ਿਲ੍ਹਾ ਕੋ-ਆਰਡੀਨੇਟਰਾਂ ਦੀ ਬ੍ਰੀਫਿੰਗ ਤੇ ਓਰੀਐਂਟੇਸ਼ਨ ਨੂੰ ਵੀ ਮੀਟਿੰਗ ਦੇ ਏਜੰਡੇ ’ਚ ਅਹਿਮ ਸਥਾਨ ਦਿੱਤਾ ਗਿਆ। ਉਨ੍ਹਾਂ ਨੂੰ ਪਿੰਡ ਤੇ ਵਾਰਡ ਪੱਧਰ ’ਤੇ ਮੀਟਿੰਗਾਂ ਕਰਵਾਉਣ ਦੀ ਪ੍ਰਕਿਰਿਆ, ਜ਼ਿੰਮੇਵਾਰੀਆਂ ਤੇ ਮੁਹਿੰਮ ਦੇ ਉਦੇਸ਼ਾਂ ਬਾਰੇ ਸਪੱਸ਼ਟ ਨਿਰਦੇਸ਼ ਦੇਣ ਸਬੰਧੀ ਚਰਚਾ ਕੀਤੀ ਗਈ।
ਪ੍ਰਭਾਵਸ਼ਾਲੀ ਅਮਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਮੀਟਿੰਗ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੋਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵੀ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਅਧਿਕਾਰੀਆਂ ਨੇ ਜ਼ੋਰ ਦਿੱਤਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਿਰਫ਼ ਭਾਸ਼ਣਾਂ ਤੱਕ ਸੀਮਤ ਨਾ ਰਹੇ, ਸਗੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇ। ਪਿੰਡਾਂ ਅਤੇ ਵਾਰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਕਾਰਨ ਹੋਣ ਵਾਲੇ ਸਮਾਜਿਕ, ਪਰਿਵਾਰਕ ਅਤੇ ਸਿਹਤ ਸਬੰਧੀ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਇਸ ਨਾਲ ਮੁਹਿੰਮ ਨੂੰ ਜ਼ਿਲ੍ਹਾ ਪੱਧਰ ’ਤੇ ਇਕਸਾਰ ਰਣਨੀਤੀ ਤਹਿਤ ਅੱਗੇ ਵਧਾਉਣ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਬਿਹਤਰ ਤਾਲਮੇਲ ਸਥਾਪਤ ਕਰਨ ਵਿੱਚ ਮਦਦ ਮਿਲੇਗੀ।
ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਯੁੱਧ ਨਸ਼ਿਆਂ ਵਿਰੁੱਧ ’ਚ ਪੁਲਿਸ ਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ। ਪਿੰਡਾਂ ਤੇ ਵਾਰਡਾਂ ’ਚ ਜਾਗਰੂਕਤਾ ਮੀਟਿੰਗਾਂ ਰਾਹੀਂ ਲੋਕਾਂ ਨੂੰ ਮੁਹਿੰਮ ਦਾ ਹਿੱਸਾ ਬਣਾਉਂਦਿਆਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।