ਜਲੰਧਰ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਤੇ ਸਮਰਥਕਾਂ ਨੂੰ ਕੀਤੀ ਇਹ ਅਪੀਲ
ਸਾਬਕਾ CM ਚਰਨਜੀਤ ਸਿੰਘ ਚੰਨੀ ਵੱਲੋਂ 'ਐਕਸ' 'ਤੇ ਗ਼ੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕਰਨ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਚੰਨੀ ਖ਼ੁਦ 111 ਦਿਨ ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਦੇ ਭਤੀਜੇ ਦੇ ਘਰੋਂ ਬੈੱਡ 'ਚੋਂ 21 ਕਰੋੜ ਰੁਪਏ ਮਿਲੇ ਸਨ। ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਕਿਹਾ ਸੀ ਕਿ ਇਹ ਪੈਸਾ ਗ਼ੈਰ-ਕਾਨੂੰਨੀ ਮਾਈਨਿੰਗ ਦਾ ਸੀ। ਹੁਣ ਚੰਨੀ ਦੇ ਮੂੰਹੋਂ ਗ਼ੈਰ-ਕਾਨੂੰਨੀ ਮਾਈਨਿੰਗ ਦੀਆਂ ਗੱਲਾਂ ਚੰਗੀਆਂ ਨਹੀਂ ਲੱਗਦੀਆਂ।
Publish Date: Fri, 16 Oct 2026 01:31 PM (IST)
Updated Date: Fri, 16 Oct 2026 01:43 PM (IST)
ਜਾਗਰਣ ਸੰਵਾਦਦਾਤਾ, ਜਲੰਧਰ : ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਲਈ ਪੂਰੀ ਤਾਕਤ ਨਾਲ ਲੜ ਰਹੀ ਹੈ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਾਰਨ ਕਈ ਥਾਵਾਂ 'ਤੇ ਉਹ ਬੌਖਲਾਏ ਹੋਏ ਹਨ। ਇੰਨੀ ਸਖ਼ਤ ਕਾਰਵਾਈ ਦੇ ਬਾਵਜੂਦ ਕੁਝ ਥਾਵਾਂ 'ਤੇ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਪਰ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਲਈ ਸਰਕਾਰ ਦੀ ਇੱਛਾ-ਸ਼ਕਤੀ 'ਚ ਕੋਈ ਕਮੀ ਨਹੀਂ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਜਲੰਧਰ 'ਚ ਆਖੀ।
ਉਨ੍ਹਾਂ ਕਿਹਾ ਕਿ ਮਾਨਸਾ 'ਚ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਮੰਦਭਾਗੀ ਘਟਨਾ ਹੈ। ਉਨ੍ਹਾਂ ਦੇ ਪਰਿਵਾਰ, ਸਮਰਥਕਾਂ ਤੇ ਜਥੇਬੰਦੀਆਂ ਨੂੰ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਹ ਆਪਣੀਆਂ ਮੰਗਾਂ ਰੱਖਣ ਅਤੇ ਇਸ ਬਾਰੇ ਵੀ ਵਿਚਾਰ-ਵਟਾਂਦਰਾ ਕਰਨ ਕਿ ਅੱਗੇ ਲਈ ਕਿਹੋ ਜਿਹੇ ਪ੍ਰਬੰਧ ਕੀਤੇ ਜਾ ਸਕਦੇ ਹਨ।
ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ਨੂੰ ਤੂਲ ਦੇ ਕੇ ਸਿਆਸਤ ਕਰਨ ਦੀ ਕੋਸ਼ਿਸ਼ ਨਾ ਕਰੇ। ਪੰਜਾਬ ਸਰਹੱਦੀ ਸੂਬਾ ਹੈ। ਕੇਂਦਰ ਸਰਕਾਰ ਤੇ ਭਾਜਪਾ ਨੂੰ ਚਾਹੀਦਾ ਹੈ ਕਿ ਉਹ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। ਇੱਥੇ ਅੱਗ ਲਾ ਕੇ ਸਿਆਸਤ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਖ਼ੁਦ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਹੇ ਹਨ। ਮੁਲਜ਼ਮ ਦੇ ਮੈਡੀਕਲ ਸਟੋਰ 'ਤੇ ਦਸ ਵਾਰ ਛਾਪੇਮਾਰੀ ਹੋਣ ਅਤੇ ਚਾਰ ਵਾਰ ਲਾਇਸੈਂਸ ਰੱਦ ਹੋਣ ਦੇ ਬਾਵਜੂਦ ਉਸ ਨੂੰ ਅਸਲਾ ਲਾਇਸੈਂਸ ਕਿਵੇਂ ਮਿਲ ਗਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਮਾਨਤ 'ਤੇ ਬਾਹਰ ਆ ਜਾਂਦੇ ਹਨ ਨਸ਼ਾ ਤਸਕਰ
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 64 ਹਜ਼ਾਰ ਮਾਮਲੇ ਦਰਜ ਕੀਤੇ ਗਏ ਹਨ। ਜਿਸ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਉਹ ਜੇਲ੍ਹ ਜਾਂਦਾ ਹੈ। ਇਸ ਦੌਰਾਨ ਆਲੇ-ਦੁਆਲੇ ਦੇ ਪਿੰਡਾਂ 'ਚੋਂ ਕੋਈ ਵਿਅਕਤੀ ਆ ਕੇ ਉਸ ਦੀ ਜ਼ਮਾਨਤ ਕਰਵਾ ਦਿੰਦਾ ਹੈ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹਾ ਨਾ ਕਰਨ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ 'ਚ ਫੜੇ ਗਏ ਮੁਲਜ਼ਮਾਂ ਦੀ ਜ਼ਮਾਨਤ ਨਾ ਦੇਣ। ਇਸ ਲੜਾਈ 'ਚ ਤਿੰਨ ਕਰੋੜ ਪੰਜਾਬੀਆਂ ਨੂੰ ਇਕੱਠੇ ਹੋ ਕੇ ਲੜਨਾ ਪਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਨੂੰਨ ਅਨੁਸਾਰ ਨਸ਼ੇ ਦੀ ਨਿਰਧਾਰਤ ਮਾਤਰਾ ਤੱਕ ਫੜੇ ਜਾਣ ਵਾਲੇ ਤਸਕਰ ਨੂੰ ਜ਼ਮਾਨਤ ਮਿਲ ਸਕਦੀ ਹੈ। ਅਜਿਹੀ ਸਥਿਤੀ 'ਚ ਪੰਜਾਬ ਸਰਕਾਰ ਕੀ ਕਰ ਸਕਦੀ ਹੈ?
ਕੇਂਦਰੀ ਏਜੰਸੀਆਂ ਦਾ ਏਜੰਡਾ ਚੋਣਾਂ : ਅਮਨ ਅਰੋੜਾ
ਅਮਨ ਅਰੋੜਾ ਨੇ ਕਿਹਾ ਕਿ ਸੀਬੀਆਈ ਨੂੰ ਸਾਢੇ ਚਾਰ ਸਾਲਾਂ ਤੱਕ ਪੰਜਾਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਕਿਉਂ ਨਹੀਂ ਦਿਖਾਈ ਦਿੱਤੀ? ਚੋਣਾਂ ਤੋਂ ਠੀਕ ਪਹਿਲਾਂ ਹੀ ਗ਼ੈਰ-ਕਾਨੂੰਨੀ ਮਾਈਨਿੰਗ ਕਿਉਂ ਨਜ਼ਰ ਆ ਰਹੀ ਹੈ? ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ਦਾ ਏਜੰਡਾ ਗ਼ੈਰ-ਕਾਨੂੰਨੀ ਮਾਈਨਿੰਗ ਜਾਂ ਬੇਨਿਯਮੀਆਂ ਨੂੰ ਰੋਕਣਾ ਨਹੀਂ, ਸਗੋਂ ਪੰਜਾਬ 'ਚ ਹੋਣ ਵਾਲੀਆਂ ਅਗਲੀਆਂ ਚੋਣਾਂ ਹਨ।
ਚੰਨੀ ਦੇ ਮੂੰਹੋਂ ਗ਼ੈਰ-ਕਾਨੂੰਨੀ ਮਾਈਨਿੰਗ ਦੀ ਗੱਲ ਚੰਗੀ ਨਹੀਂ ਲੱਗਦੀ : ਅਮਨ ਅਰੋੜਾ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 'ਐਕਸ' 'ਤੇ ਗ਼ੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕਰਨ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਚੰਨੀ ਖ਼ੁਦ 111 ਦਿਨ ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਦੇ ਭਤੀਜੇ ਦੇ ਘਰੋਂ ਬੈੱਡ 'ਚੋਂ 21 ਕਰੋੜ ਰੁਪਏ ਮਿਲੇ ਸਨ। ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਕਿਹਾ ਸੀ ਕਿ ਇਹ ਪੈਸਾ ਗ਼ੈਰ-ਕਾਨੂੰਨੀ ਮਾਈਨਿੰਗ ਦਾ ਸੀ। ਹੁਣ ਚੰਨੀ ਦੇ ਮੂੰਹੋਂ ਗ਼ੈਰ-ਕਾਨੂੰਨੀ ਮਾਈਨਿੰਗ ਦੀਆਂ ਗੱਲਾਂ ਚੰਗੀਆਂ ਨਹੀਂ ਲੱਗਦੀਆਂ।
ਗਊ ਰੱਖਿਆ ਲਈ 21 ਅਕਤੂਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਉੱਚ ਪੱਧਰੀ ਮੀਟਿੰਗ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨੇ ਗਊ ਸੇਵਾ ਕਮੇਟੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੀ ਮੀਟਿੰਗ ਸੱਦੀ ਸੀ। ਪੰਜਾਬ ਸਰਕਾਰ ਗਊ ਸੇਵਾ ਅਤੇ ਗਊ ਰੱਖਿਆ ਲਈ ਵਚਨਬੱਧ ਹੈ। ਇਸੇ ਲਈ ਫ਼ੈਸਲਾ ਕੀਤਾ ਗਿਆ ਹੈ ਕਿ 21 ਅਕਤੂਬਰ ਨੂੰ ਚੰਡੀਗੜ੍ਹ 'ਚ ਉੱਚ ਪੱਧਰੀ ਮੀਟਿੰਗ ਹੋਵੇਗੀ। ਇਸ 'ਚ ਤੈਅ ਕੀਤਾ ਜਾਵੇਗਾ ਕਿ ਪੰਜਾਬ 'ਚ ਗਊਆਂ ਦੀ ਸਾਂਭ-ਸੰਭਾਲ ਲਈ ਕਿਹੋ ਜਿਹੇ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਸਰਕਾਰ ਇਸ ਲਈ ਕੀ ਸਹਿਯੋਗ ਦੇਵੇਗੀ।