- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ-ਭਾਜਪਾ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਨਵੀਂ ਸਵੇਰ ਦਾ ਪ੍ਰਤੀਕ: ਬਲਦੇਵ ਸਿੰਘ ਖਹਿਰਾ

-ਭਾਜਪਾ ਫਿਲੌਰ ਦਫ਼ਤਰ ’ਚ ਅਕਾਲੀ ਦਲ ਤੇ ਭਾਜਪਾ ਦੇ ਵਰਕਰਾਂ ਨਾਲ ਮੀਟਿੰਗ
-ਗਠਜੋੜ ਨੂੰ ਸੂਬੇ ਦੇ ਵਿਕਾਸ, ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਦੱਸਿਆ ਅਹਿਮ
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ :
ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਸਿਆਸੀ ਗਠਜੋੜ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਨਵੀਂ ਚਰਚਾ ਛਿੜ ਗਈ ਹੈ। ਇਸ ਨੂੰ ਪੰਜਾਬ ਦੇ ਭਵਿੱਖ, ਵਿਕਾਸ ਤੇ ਖ਼ੁਸ਼ਹਾਲੀ ਲਈ ਅਹਿਮ ਸਿਆਸੀ ਕਦਮ ਕਰਾਰ ਦਿੰਦਿਆਂ ਵਿਧਾਨ ਸਭਾ ਹਲਕਾ ਫਿਲੌਰ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਪੰਜਾਬ ਦੀ ਸਿਆਸਤ ’ਚ ਨਵੀਂ ਸਵੇਰ ਦਾ ਪ੍ਰਤੀਕ ਸਾਬਤ ਹੋਵੇਗਾ। ਇਸ ਮੌਕੇ ਸ਼ਾਮ ਸਮੇਂ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵੱਲੋਂ ਬੀਜੇਪੀ ਦੇ ਫਿਲੌਰ ਸਥਿਤ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਮੁੜ ਹੋਏ ਗਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਸਿਆਸੀ ਤਾਲਮੇਲ ਕਰਾਰ ਦਿੱਤਾ।
ਇਸ ਖ਼ੁਸ਼ੀ ਦੇ ਮੌਕੇ ਵਰਕਰਾਂ ਵੱਲੋਂ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਇਸ ਗਠਜੋੜ ਦਾ ਮੁੱਖ ਮਕਸਦ ਸਿਰਫ਼ ਸੱਤਾ ਦੀ ਸਿਆਸਤ ਕਰਨਾ ਨਹੀਂ, ਸਗੋਂ 'ਪੰਜਾਬ ਪਹਿਲਾਂ' ਦੀ ਸੋਚ ਨੂੰ ਅੱਗੇ ਰੱਖਦਿਆਂ ਸੂਬੇ ਦੀ ਤਰੱਕੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਾ ਤੇ ਲੋਕਾਂ ਦੀ ਖ਼ੁਸ਼ਹਾਲੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਕਾਂਗਰਸ ਦੀਆਂ ਨੀਤੀਆਂ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਮਜ਼ਬੂਤ ਸਿਆਸੀ ਤਾਲਮੇਲ ਦੀ ਲੋੜ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਇਕ ਸੰਵੇਦਨਸ਼ੀਲ ਸਰਹੱਦੀ ਸੂਬਾ ਹੈ ਤੇ ਇੱਥੇ ਨਸ਼ਿਆਂ ਦੀ ਸਮੱਸਿਆ, ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੇ ਨੌਜਵਾਨਾਂ ਦੇ ਭਵਿੱਖ ਵਰਗੇ ਗੰਭੀਰ ਮੁੱਦਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ-ਭਾਜਪਾ ਗਠਜੋੜ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਰਣਨੀਤੀ ਤਿਆਰ ਕਰੇਗਾ।