ਆਂਗਣਵਾੜੀ ਮੁਲਾਜ਼ਮਾਂ ਵੱਲੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ, ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਸਥਾਨਕ ਮਾਡਲ ਟਾਊਨ ਸਥਿਤ ਦਫ਼ਤਰ ਦੇ ਸਾਹਮਣੇ ਐਤਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ।
Publish Date: Sun, 10 May 2026 04:16 PM (IST)
Updated Date: Sun, 10 May 2026 04:21 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਸਥਾਨਕ ਮਾਡਲ ਟਾਊਨ ਸਥਿਤ ਦਫ਼ਤਰ ਦੇ ਸਾਹਮਣੇ ਐਤਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ।
ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਧਰਨਾਕਾਰੀਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਵਾਪਸ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣ।
ਵਾਧੂ ਕੰਮ ਬੰਦ ਕਰਨ ਦੀ ਮੰਗ
ਯੂਨੀਅਨ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੋਂ ਜਨਗਣਨਾ, ਆਰਥਿਕ ਸਰਵੇ ਅਤੇ ਡਰੱਗ ਸਰਵੇ ਵਰਗੇ ਵਾਧੂ ਕੰਮ ਲਏ ਜਾ ਰਹੇ ਹਨ, ਜੋ ਤੁਰੰਤ ਬੰਦ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਲਈ ਆਉਣ ਵਾਲਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਵੇ ਅਤੇ ਐਨਜੀਓ ਨੂੰ ਦਿੱਤੇ ਬਲਾਕਾਂ ਸਬੰਧੀ ਜਾਰੀ ਨੋਟੀਫਿਕੇਸ਼ਨ ਲਾਗੂ ਕੀਤਾ ਜਾਵੇ।
ਮੰਗ ਪੱਤਰ ਲੈਣ ਕੋਈ ਨਾ ਪਹੁੰਚਣ ’ਤੇ ਕੀਤਾ ਰੋਸ
ਧਰਨੇ ਦੌਰਾਨ ਜਦੋਂ ਕੋਈ ਵੀ ਅਧਿਕਾਰੀ ਮੰਗ ਪੱਤਰ ਲੈਣ ਨਹੀਂ ਪਹੁੰਚਿਆ ਤਾਂ ਕੁਝ ਵਰਕਰਾਂ ਨੇ ਡਾ. ਰਵਜੋਤ ਸਿੰਘ ਦੇ ਦਫ਼ਤਰ ਅੰਦਰ ਵੀ ਨਾਅਰੇਬਾਜ਼ੀ ਕੀਤੀ। ਬਾਅਦ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਮੌਕੇ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕਰਕੇ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।
ਵੱਡੀ ਗਿਣਤੀ ’ਚ ਵਰਕਰ ਰਹੀਆਂ ਹਾਜ਼ਰ
ਇਸ ਮੌਕੇ ਸਤਵੰਤ ਕੌਰ ਜਨਰਲ ਸਕੱਤਰ ਪੰਜਾਬ, ਸੁੱਖ ਵਰਮਾ ਦੇਵੀ ਬਲਾਕ ਪ੍ਰਧਾਨ ਭੁੰਗਾ, ਸ਼ੀਲਾ ਦੇਵੀ, ਕੁਸਮ ਲਤਾ, ਰੇਣੂ ਰਾਣੀ, ਬਲਜਿੰਦਰ ਕੌਰ, ਅਨੀਤਾ ਰਾਣੀ, ਰਜਿੰਦਰ ਕੌਰ, ਸੁਰਿੰਦਰ ਕੌਰ, ਜਸਵੰਤ ਕੌਰ, ਸੁਖਵਿੰਦਰ ਕੌਰ, ਮੰਜੂ ਸ਼ਰਮਾ, ਜਗਦੀਸ਼ ਕੌਰ, ਜਸਵਿੰਦਰ ਕੌਰ, ਸੋਨੀ ਕੌਰ, ਬੇਵੀ, ਬਲਵਿੰਦਰ ਕੌਰ ਅਤੇ ਪਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।