ਆਂਗਣਵਾੜੀ ਵਰਕਰਾਂ ਵੱਲੋਂ ਰੋਸ ਮੁਜ਼ਾਹਰਾ 2 ਨੂੰ
ਆਂਗਣਵਾੜੀ ਵਰਕਰਾਂ ਵੱਲੋਂ 2 ਮਈ ਨੂੰ ਵਿਧਾਇਕ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Publish Date: Thu, 30 Apr 2026 10:06 PM (IST)
Updated Date: Thu, 30 Apr 2026 10:10 PM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 2 ਮਈ ਨੂੰ ਹਲਕਾ ਵਿਧਾਇਕ ਦੇ ਘਰ ਦੇ ਸਾਹਮਣੇ ਰੋਸ ਮੁਜ਼ਾਹਰੇ ਦਾ ਐਲਾਨ ਕੀਤਾ ਗਿਆ ਹੈ। ਇਹ ਮੁਜ਼ਾਹਰਾ ਸੂਬਾ ਕਮੇਟੀ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ੀ ਪ੍ਰੋਗਰਾਮ ਦਾ ਹਿੱਸਾ ਹੈ। ਆਂਗਨਵਾੜੀ ਮੁਲਾਜ਼ਮ ਯੂਨੀਅਨ ਭੋਗਪੁਰ ਬਲਾਕ ਦੀ ਪ੍ਰਧਾਨ ਸਤਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ, ਆਂਗਨਵਾੜੀ ਕੇਂਦਰਾਂ ਨਾਲ ਜੁੜੇ ਬੱਚਿਆਂ ਨੂੰ ਮੁੜ ਕੇਂਦਰਾਂ ਵਿੱਚ ਭੇਜਿਆ ਜਾਵੇ, ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਸਮਾਰਟ ਫੋਨ ਤੁਰੰਤ ਉਪਲੱਬਧ ਕਰਵਾਏ ਜਾਣ। ਇਸ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਵੱਲੋਂ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਅਧੀਨ ਕੰਮ ਦੇ ਬਦਲੇ ਵਾਧੂ ਮਾਣ ਭੱਤਾ ਦੇਣ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਤੋਂ ਆਰਥਿਕ ਜਨਗਣਨਾ, ਡਰੱਗ ਜਨਗਣਨਾ ਅਤੇ ਹੋਰ ਵਾਧੂ ਕੰਮ ਲੈਣਾ ਬੰਦ ਕੀਤਾ ਜਾਵੇ। ਯੂਨੀਅਨ ਨੇ ਇਹ ਵੀ ਮੰਗ ਕੀਤੀ ਹੈ ਕਿ ਐਨਜੀਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਸਰਕਾਰੀ ਕੰਟਰੋਲ ਵਿੱਚ ਲਿਆਂਦਾ ਜਾਵੇ ਅਤੇ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕੀਤਾ ਜਾਵੇ। ਸਤਵੰਤ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਵਰਕਰ ਇਸ ਮੁਜ਼ਾਹਰੇ ਵਿੱਚ ਸ਼ਾਮਲ ਹੋਣਗੀਆਂ।