- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਈਫਾ ਦੇ ਸੱਦੇ ’ਤੇ ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਰਾਜ ਸਭਾ ਮੈੰਬਰ ਹਰਭਜਨ ਸਿੰਘ ਦੇ ਘਰ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

-ਸੰਸਦ ’ਚ ਆਵਾਜ਼ ਉਠਾਉਣ ਦੀ ਕੀਤੀ ਅਪੀਲ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੇ ਸੱਦੇ ’ਤੇ ਮੰਗਲਵਾਰ ਜਲੰਧਰ ਵਿਖੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੂੰ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਦੇਣ ਸਬੰਧੀ ਐੱਮਪੀ ਹਰਭਜਨ ਸਿੰਘ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਤੇ ਆਪਣੀ ਆਵਾਜ਼ ਸੰਸਦ ਤੱਕ ਪਹੁੰਚਾਉਣ ਦੀ ਮੰਗ ਕੀਤੀ। ਅੱਜ ਦੇ ਪ੍ਰਦਰਸ਼ਨ ਦੀ ਅਗਵਾਈ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕੀਤੀ। ਵੱਡੀ ਗਿਣਤੀ ’ਚ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਨਾਅਰਿਆਂ ਨਾਲ ਕੇਂਦਰ ਸਰਕਾਰ ਤੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਲਗਾਤਾਰ ਧੱਕਾ ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਲ 2018 ’ਚ ਕੇਂਦਰ ਸਰਕਾਰ ਵੱਲੋਂ ਮਾਣਭੱਤਾ ’ਚ ਨਿਗੂਣਾ ਜਿਹਾ ਵਾਅਦਾ ਕੀਤਾ ਗਿਆ ਸੀ ਪਰ ਉਸ ਤੋਂ ਬਾਅਦ ਮਾਣਭੱਤੇ ’ਚ ਕੋਈ ਵਾਜਬ ਵਾਧਾ ਨਹੀਂ ਕੀਤਾ ਗਿਆ। ਮਹਿੰਗਾਈ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਆਂਗਣਵਾੜੀ ਵਰਕਰਾਂ ਨੂੰ ਘੱਟੋ-ਘੱਟ ਮਜ਼ਦੂਰੀ ਦੇ ਘੇਰੇ ’ਚ ਲਿਆਉਣ, ਸਮਾਜਿਕ ਸੁਰੱਖਿਆ ਦੇਣ ਤੇ ਉਨ੍ਹਾਂ ਨੂੰ ਪੈਨਸ਼ਨ ਤੇ ਗ੍ਰੈਚੁਇਟੀ ਵਰਗੇ ਹੱਕ ਦੇਣ ਲਈ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਕਦਮ ਚੁੱਕਣ ਦੇ ਹੁਕਮ ਹਨ। ਵੱਖ-ਵੱਖ ਪ੍ਰੋਗਰਾਮਾਂ ਨੂੰ ਕਰਨ ਵਾਸਤੇ ਵਰਕਰਾਂ ਹੈਲਪਰ ਨੂੰ ਆਪਣੀ ਜੇਬ ’ਚੋਂ ਪੈਸਾ ਖਰਚ ਕਰਕੇ ਪ੍ਰੋਗਰਾਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ, ਜੋ ਕਿ ਬਿਲਕੁਲ ਗਲਤ ਤੇ ਨਿੰਦਣਯੋਗ ਹੈ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੇ ਮੁੱਖ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਵਾਧੂ ਕੰਮ ਸੌਂਪੇ ਜਾਂਦੇ ਹਨ। ਇਸ ਦੇ ਉਲਟ ਕੰਮ ਪੂਰਾ ਨਾ ਹੋਣ ਦੀ ਸੂਰਤ ’ਚ ਵਰਕਰਾਂ ’ਤੇ ਨੋਟਿਸਾਂ ਤੇ ਹੋਰ ਤਰ੍ਹਾਂ ਦੀ ਕਾਰਵਾਈ ਕਰਕੇ ਦਬਾਅ ਬਣਾਇਆ ਜਾਂਦਾ ਹੈ।
ਯੂਨੀਅਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯਮਤ ਕਰੇ, ਘੱਟੋ-ਘੱਟ ਮਜ਼ਦੂਰੀ ਲਾਗੂ ਕਰੇ, ਮਾਣਭੱਤੇ ’ਚ ਵਾਜਬ ਵਾਧਾ ਕਰੇ, ਪੈਨਸ਼ਨ ਤੇ ਗ੍ਰੈਚੁਇਟੀ ਸਮੇਤ ਸਮਾਜਿਕ ਸੁਰੱਖਿਆ ਦੇ ਹੱਕ ਦੇਵੇ ਤੇ ਵਾਧੂ ਕੰਮਾਂ ਦਾ ਬੋਝ ਖਤਮ ਕਰੇ। ਇਸ ਦੇ ਨਾਲ ਹੀ ਪੋਸ਼ਣ ਮਹੀਨੇ ਤੇ ਹੋਰ ਸਰਕਾਰੀ ਪ੍ਰੋਗਰਾਮਾਂ ਲਈ ਹੋਣ ਵਾਲੇ ਖਰਚੇ ਦੀ ਸਰਕਾਰ ਵੱਲੋਂ ਪੂਰੀ ਅਦਾਇਗੀ ਯਕੀਨੀ ਬਣਾਈ ਜਾਵੇ। ਯੂਨੀਅਨ ਆਗੂਆਂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੂੰ ਅਪੀਲ ਕੀਤੀ ਕਿ ਉਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਸੰਸਦ ’ਚ ਜ਼ੋਰਦਾਰ ਢੰਗ ਨਾਲ ਉਠਾਉਣ ਤੇ ਕੇਂਦਰ ਸਰਕਾਰ ’ਤੇ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਲਈ ਦਬਾਅ ਬਣਾਉਣ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਹੀਂ ਲਿਆ ਜਾ ਰਿਹਾ ਜਿਸ ਕਾਰਨ ਆਂਗਨਵਾੜੀ ਵਰਕਰ ਹੈਲਪਰ ’ਚ ਤਿੱਖਾ ਰੋਸ ਹੈ, ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰ ਹੈਲਪਰ ਇਕ ਦੋ ਦਸੰਬਰ ਨੂੰ ਦਿੱਲੀ ’ਚ ਰੋਸ ਪ੍ਰਦਰਸ਼ਨ ਕਰਨਗੇ। ਅਖੀਰ ’ਚ ਤਹਿਸੀਲਦਾਰ ਸਵਪਨਦੀਪ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ।