- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਨਾ ਮੰਨੀਆਂ ਤਾਂ 18 ਨਵੰਬਰ ਤੋਂ ਸਿਹਤ ਮੰਤਰੀ ਦੀ ਕੋਠੀ ਅੱਗੇ ਲੱਗੇਗਾ ਪੱਕਾ ਧਰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਜਾਇਜ਼ ਮੰਗਾਂ ਨੂੰ ਸਰਕਾਰ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਰਹੇ ਹਨ ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 17 ਨਵੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸਮੱਸਿਆਵਾਂ ਦਾ ਹੱਲ ਨਾ ਨਿਕਲਿਆ ਤਾਂ 18 ਨਵੰਬਰ ਤੋਂ ਸਿਹਤ ਮੰਤਰੀ ਦੀ ਕੋਠੀ ਦੇ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਡਾ. ਪੰਖੁੜੀ ਨੇ ਕਿਹਾ ਕਿ ਯੂਨੀਅਨ ਵੱਲੋਂ ਸਰਕਾਰ ਨਾਲ ਵੱਖ-ਵੱਖ ਪੱਧਰਾਂ ’ਤੇ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਅਮਲੀ ਤੌਰ ’ਤੇ ਕੋਈ ਕਾਰਵਾਈ ਨਹੀਂ ਹੋਈ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਦੱਸਿਆ ਕਿ 17 ਨਵੰਬਰ ਨੂੰ ਹੋਣ ਵਾਲੀ ਕਰਮਚਾਰੀ ਭਲਾਈ ਕਮੇਟੀ ਦੀ ਅਹਿਮ ਮੀਟਿੰਗ ਤੋਂ ਸੂਬੇ ਭਰ ਦੇ ਐੱਨਐੱਚਐੱਮ ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਸੂਬਾ ਆਗੂ ਡਾ. ਸ਼ਿਵਰਾਜ ਤੇ ਗੁਲਸ਼ਨ ਨੇ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ 17 ਨਵੰਬਰ ਦੀ ਮੀਟਿੰਗ ’ਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਨਤੀਜਾ ਨਾ ਨਿਕਲਿਆ ਤੇ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ’ਚ 18 ਨਵੰਬਰ ਤੋਂ ਪੰਜਾਬ ਦੇ ਸਿਹਤ ਮੰਤਰੀ ਦੀ ਕੋਠੀ ਦੇ ਸਾਹਮਣੇ ਪੱਕਾ ਧਰਨਾ ਲਗਾ ਕੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਡਾ. ਯੋਗੇਸ਼ ਸਚਦੇਵਾ, ਡਾ. ਸੁਮੀਤ ਕਪਾਹੀ, ਸੀਐੱਚਓ ਸੁਖਪ੍ਰੀਤ ਸਮੇਤ ਯੂਨੀਅਨ ਦੇ ਹੋਰ ਆਗੂ ਵੀ ਮੌਜੂਦ ਸਨ।