- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿਲਾ ਦਿਵਸ ਮੌਕੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਇਤਿਹਾਸਕ ਕਦਮ : ਨਿਤਿਨ ਕੋਹਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਸਾਲ 2026–27 ਲਈ ਪੇਸ਼ ਕੀਤੇ ਬਜਟ ਦਾ ਸਵਾਗਤ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਐਲਾਨੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੇ ਸਨਮਾਨ ਤੇ ਆਰਥਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਯੋਜਨਾ ਰਾਹੀਂ ਮਹਿਲਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਯੋਜਨਾ ਤਹਿਤ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਭੇਜੇ ਜਾਣਗੇ। ਨਿਤਿਨ ਕੋਹਲੀ ਨੇ ਕਿਹਾ ਕਿ ਇਸ ਨਾਲ ਲੱਖਾਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਮਿਲੇਗੀ ਤੇ ਪਰਿਵਾਰਾਂ ਦੀ ਆਰਥਿਕ ਹਾਲਤ ਸੁਧਰੇਗੀ। ਉਨ੍ਹਾਂ ਕਿਹਾ ਕਿ ਬਜਟ ’ਚ ਮਹਿਲਾਵਾਂ ਦੇ ਹਿਤਾਂ ਨੂੰ ਧਿਆਨ ’ਚ ਰੱਖਦਿਆਂ ਕਈ ਮਹੱਤਵਪੂਰਨ ਪ੍ਰਬੰਧ ਕੀਤੇ ਗਏ ਹਨ। ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਜਾਰੀ ਰੱਖਣ ਲਈ 600 ਕਰੋੜ ਰੁਪਏ, 27 ਹਜ਼ਾਰ ਤੋਂ ਵੱਧ ਆਂਗਣਵਾੜੀ ਕੇਂਦਰਾਂ ਲਈ 932 ਕਰੋੜ ਰੁਪਏ ਤੇ “ਨਵੀਂ ਦਿਸ਼ਾ ਯੋਜਨਾ” ਤਹਿਤ ਲੋੜਵੰਦ ਮਹਿਲਾਵਾਂ ਤੇ ਕਿਸ਼ੋਰੀਆਂ ਨੂੰ ਮੁਫ਼ਤ ਸੈਨਿਟਰੀ ਪੈਡ ਮੁਹੱਈਆ ਕਰਵਾਉਣ ਦਾ ਫੈਸਲਾ ਸਰਕਾਰ ਦੀ ਮਹਿਲਾ-ਹਿਤੈਸ਼ੀ ਸੋਚ ਨੂੰ ਦਰਸਾਉਂਦਾ ਹੈ। ਨਿਤਿਨ ਕੋਹਲੀ ਨੇ ਕਿਹਾ ਕਿ ਬਜਟ ਵਿੱਚ ਸਿੱਖਿਆ, ਸਿਹਤ ਤੇ ਸਮਾਜਿਕ ਸੁਰੱਖਿਆ ਖੇਤਰਾਂ ਨੂੰ ਵੀ ਤਰਜੀਹ ਦਿੱਤੀ ਗਈ ਹੈ। “ਸਿੱਖਿਆ ਕ੍ਰਾਂਤੀ 2.0” ਤਹਿਤ 19,279 ਕਰੋੜ ਰੁਪਏ ਸਿੱਖਿਆ ਲਈ, ਸਿਹਤ ਸੇਵਾਵਾਂ ਲਈ 6,879 ਕਰੋੜ ਰੁਪਏ ਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਪਿੰਡਾਂ ਦੇ ਵਿਕਾਸ ਲਈ ਵੀ ਵੱਡੇ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਤੇ ਸਬੰਧਤ ਖੇਤਰਾਂ ਲਈ 15,377 ਕਰੋੜ ਰੁਪਏ, ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 7,715 ਕਰੋੜ ਰੁਪਏ ਤੇ ਪਿੰਡਾਂ ਦੀਆਂ ਸੜਕਾਂ ਦੇ ਵਿਕਾਸ ਲਈ 7,606 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ 1,791 ਕਰੋੜ ਰੁਪਏ ਦੀ ਖੇਡ ਢਾਂਚਾਗਤ ਵਿਕਾਸ ਯੋਜਨਾ ਤੇ ਪਿੰਡਾਂ ’ਚ 6000 ਨਵੇਂ ਖੇਡ ਮੈਦਾਨ ਤੇ 5000 ਇੰਡੋਰ ਜਿਮ ਬਣਾਉਣ ਦੀ ਯੋਜਨਾ ਵੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਇਹ ਬਜਟ ਉਸੇ ਦਿਸ਼ਾ ’ਚ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਲੋਕ-ਹਿਤੈਸ਼ੀ ਬਜਟ ਪੇਸ਼ ਕਰਨ ਲਈ ਵਧਾਈ ਵੀ ਦਿੱਤੀ।